Punjab
ਪੰਜਾਬ ‘ਚ ਸੰਘਣੀ ਧੁੰਦ ਨਾਲ ਪਵੇਗੀ ਕੜਾਕੇ ਦੀ ਠੰਡ
PUNJAB WEATHER UPDATE : ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਪੰਜਾਬੀਆਂ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਵੱਲੋਂ ਅੱਜ ਵੀ ਪੰਜਾਬ ਦੇ 23 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਅਤੇ ਠੰਡ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰ ਤੋਂ ਹੀ ਸੂਬੇ ਦੇ ਕਈ ਹਿੱਸਿਆਂ ਵਿਚ ਸੰਘਣੀ ਧੁੰਦ ਵੇਖਣ ਨੂੰ ਮਿਲ ਰਹੀ ਹੈ, ਜਿਸ ਨਾਲ ਵਾਹਨਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ ਤੇ ਸੜਕੀ ਆਵਾਜਾਈ ਪ੍ਰਭਾਵਿਤ ਹੋਈ ਹੈ। ਦੂਜੇ ਪਾਸੇ ਸਕੂਲਾਂ ਵਿਚ ਵੀ ਅੱਜ ਤੋਂ ਛੁੱਟੀਆਂ ਖ਼ਤਮ ਹੋ ਗਈਆਂ ਹਨ, ਜਿਸ ਕਾਰਨ ਵਿਦਿਆਰਥੀ ਅਤੇ ਅਧਿਆਪਕ ਕੜਾਕੇ ਦੀ ਠੰਡ ਵਿਚਾਲੇ ਸਕੂਲ ਆਉਣ ਲਈ ਮਜਬੂਰ ਹਨ।
ਪਿਛਲੇ 24 ਘੰਟਿਆਂ ਵਿਚ ਸੂਬੇ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 2.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਤੋਂ 3.1 ਡਿਗਰੀ ਘੱਟ ਹੈ, ਯਾਨੀ ਇਸ ਵੇਲੇ ਠੰਡ ਆਮ ਨਾਲੋਂ ਜ਼ਿਆਦਾ ਪੈ ਰਹੀ ਹੈ। ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ 13.5 ਤੋਂ 20 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿਚ ਤਾਪਮਾਨ 15.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਤਾਪਮਾਨ ਨਾਲੋਂ 1 ਡਿਗਰੀ ਘੱਟ ਹੈ।
ਦੂਜੇ ਪਾਸੇ ਵਿਭਾਗ ਵੱਲੋਂ ਭਲਕੇ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਅੱਜ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ। ਵਿਭਾਗ ਦਾ ਮੰਨਣਾ ਹੈ ਕਿ 9 ਜਨਵਰੀ ਦੀ ਰਾਤ ਤੋਂ ਸੂਬੇ ਦਾ ਮੌਸਮ ਇਕ ਵਾਰ ਫ਼ਿਰ ਕਰਵਟ ਲਵੇਗਾ ਤੇ ਕਈ ਹਿੱਸਿਆਂ ਵਿਚ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿਚ ਸੰਘਣੀ ਧੁੰਦ ਅਤੇ ਠੰਡ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਠੰਡੇ ਦਿਨਾਂ ਅਤੇ ਸੰਘਣੀ ਧੁੰਦ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।