Connect with us

Governance

ਬਾਦਲਾਂ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਸਮਰਥਨ ਕਰਨਾ ਜਾਰੀ ਰੱਖਿਆ: ਕਰਨੈਲ ਸਿੰਘ ਪੀਰ ਮੁਹੰਮਦ

Published

on

  • ਬਾਦਲਾਂ ਦੀ ਦਖਲਅੰਦਾਜ਼ੀ ਨਹੀਂ, ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਸਾਬਕਾ ਡੀਜੀਪੀ ਸੈਣੀ ਦੇ ਮੁੱਦੇ ‘ਤੇ ਸਿੱਖ ਕੌਮ ਨੂੰ ਸਥਿਤੀ ਸਪੱਸ਼ਟ ਕਰਨ: ਕਰਨੈਲ ਸਿੰਘ ਪੀਰ ਮੁਹੰਮਦ

ਚੰਡੀਗੜ੍ਹ, 09 ਮਈ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਅੱਠ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਇੱਕ ਸਾਬਕਾ ਆਈਏਐਸ ਅਧਿਕਾਰੀ ਦੇ ਪੁੱਤਰ ਦੇ ਅਗਵਾ ਕਰਨ ਦੇ 29 ਸਾਲ ਪੁਰਾਣੇ ਕੇਸ ਵਿੱਚ ਪੰਜਾਬ ਪੁਲਿਸ ਨੇ ਕੇਸ ਦਰਜ ਕੀਤਾ ਹੈ ਅਤੇ ਇਸ ਕੇਸ ਸੰਬੰਧੀ ਸੈਣੀ ਦੀ ਅਗਾਂਹ ਜ਼ਮਾਨਤ ਦੀ ਪੈਰਵਾਈ ਅਕਾਲੀ ਦਲ ਬਾਦਲ ਦੇ ਪੈਰੋਕਾਰ ਇੱਕ ਪਿਉਂ ਪੁੱਤਰ ਵਲੋਂ ਕੀਤੀ ਜਾ ਰਹੀ ਹੈ ਜੋ ਕਿ ਸਿੱਖ ਕੌਮ ਨਾਲ ਬੇਇਨਸਾਫ਼ੀ ਹੈ।

ਇੱਥੇ ਇੱਕ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਕਮੇਟੀ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ 8 ਹੋਰ ਵਿਅਕਤੀਆਂ ਨੂੰ 29 ਸਾਲ ਪੁਰਾਣੇ ਇੱਕ ਕੇਸ ਵਿੱਚ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਦੋਸ਼ ‘ਤਹਿਤ ਮੋਹਾਲੀ ਦੇ ਮਟੌਰ ਥਾਣੇ ‘ਚ ਨਾਮਜ਼ਦ ਕੀਤਾ ਗਿਆ ਹੈ ਅਤੇ ਸਿੱਖ ਗੁਰਦੁਆਰਾ ਨਿਆਂਇਕ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਅਤੇ ਉਨ੍ਹਾਂ ਦੇ ਫਰਜ਼ੰਦ ਅਰਸ਼ਦੀਪ ਸਿੰਘ ਕਲੇਰ ਨੇ ਸ਼ੁੱਕਰਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਲਈ ਕਾਨੂੰਨੀ ਵਕੀਲ ਵਜੋਂ ਪੇਸ਼ ਹੋ ਕੇ ਸਿੱਖਾਂ ਦੀ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇੱਥੇ ਵਰਨਣਯੋਗ ਹੈ ਕਿ ਸਤਨਾਮ ਸਿੰਘ ਕਲੇਰ ਸ਼੍ਰੋਮਣੀ ਕਮੇਟੀ ਵਿੱਚ ਬਾਦਲ ਪਰਿਵਾਰ ਦੇ ਰਹਿਮੋ ਕਰਮ ਤੇ ਵੱਖ-ਵੱਖ ਅਹੁਦਿਆਂ ਤੇ ਅਨੰਦ ਮਾਣ ਚੁੱਕਿਆ ਹੈ ਅਤੇ ਇਸਦਾ ਲੜਕਾ ਅੱਜ ਵੀ ਅਕਾਲੀ ਦਲ ਬਾਦਲ ਦਾ ਬੁਲਾਰਾ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਇਹਨਾਂ ਦੋਹਾਂ ਪਿਉਂ ਪੁਤਰਾਂ ਵਲੋ ਬਾਦਲ ਪਰਿਵਾਰ ਦੇ ਇਸ਼ਾਰੇ ਤੇ ਸੈਣੀ ਦਾ ਕੇਸ ਲੜਿਆ ਜਾ ਰਿਹਾ ਸੀ ਪਰ ਬਾਅਦ ਵਿੱਚ ਸਿੱਖ ਸੰਗਤਾਂ ਵਿੱਚ ਵਧ ਰਹੇ ਰੋਸ਼ ਨੂੰ ਵੇਖਦਿਆਂ ਕੇਸ ਨਾ ਲੜਨ ਦਾ ਫ਼ੈਸਲਾ ਲੈ ਲਿਆ ਗਿਆ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਬਾਦਲ ਪਰਿਵਾਰ ਸਿੱਖ ਕੌਮ ਦਾ ਮੁੜ ਤੋਂ ਹੀ ਨੁਕਸਾਨ ਕਰਦਾ ਆਇਆ ਹੈ ਜਿਵੇਂ ਕਿ ਬਰਗਾੜੀ ਅਤੇ ਬਹਿਬਲ ਕਲਾਂ ਵਿਖੇ ਬਾਦਲ ਪਰਿਵਾਰ ਦੇ ਇਸ਼ਾਰੇ ਤੇ ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ ਵਲੋਂ ਗੋਲੀਆਂ ਚਲਾ ਕੇ ਨਿਹੱਥੇ ਸਿੰਘਾਂ ਨੂੰ ਸ਼ਹੀਦ ਕਰਵਾਇਆ ਅਤੇ ਬਾਦਲ ਪਰਿਵਾਰ ਵਲੋਂ ਸੁਮੇਧ ਸੈਣੀ ਦਾ ਹਰ ਤਰ੍ਹਾਂ ਨਾਲ ਸਾਥ ਦਿੱਤਾ ਜਾ ਰਿਹਾ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਿੱਖ ਕੌਮ ਨੂੰ ਹੁਣ ਵੀ ਮੂਰਖ਼ ਬਣਾਇਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।

ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਮੰਗ ਕੀਤੀ ਹੈ ਕਿ ਉਹ ਇਸ ਮੁੱਦੇ ਤੇ ਜੋ ਸਿੱਖ ਭਾਵਨਾਵਾਂ ਨਾਲ ਜੁੜਿਆ ਹੈ, ਆਪਣੀ ਸਥਿਤੀ ਸਪੱਸ਼ਟ ਕਰਨ ਤਾਂ ਜੋ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਨੂੰ ਵਿਸ਼ਵਾਸ਼ ਦਵਾਇਆ ਜਾ ਸਕੇ ਕਿ ਬਾਦਲ ਪਰਿਵਾਰ ਦੀ ਸ਼੍ਰੋਮਣੀ ਕਮੇਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਹੈ।