Punjab
ਭਾਈ ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਅਤੇ ਪ੍ਰਸ਼ਾਸਨਿਕ ਹਲਚਲ ਤੇਜ਼ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ ਅਤੇ ਹਵਾਰਾ ਨੂੰ ਪੈਰੋਲ ਦੇਣ ਸਬੰਧੀ ਆਪਣਾ ਪੱਖ ਰੱਖਿਆ ਹੈ।
ਮੁਲਾਕਾਤ ਤੋਂ ਬਾਅਦ ਸਾਹਮਣੇ ਆਈ ਜਾਣਕਾਰੀ ਮੁਤਾਬਕ, ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਰਾਜਪਾਲ ਵੱਲੋਂ ਭਰੋਸਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਹਵਾਰਾ ਲਈ 10 ਦਿਨਾਂ ਦੀ ਪੈਰੋਲ ਦੀ ਸਿਫਾਰਿਸ਼ ਕੀਤੀ ਗਈ ਹੈ।
ਸਰਕਾਰ ਦਾ ਕਹਿਣਾ ਹੈ ਕਿ ਪੈਰੋਲ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੂਰੀ ਸਾਵਧਾਨੀ ਵਰਤੀ ਜਾਵੇਗੀ। ਪੰਜਾਬ ਸਰਕਾਰ ਨੇ ਲਾਅ ਐਂਡ ਆਰਡਰ ਨੂੰ ਲੈ ਕੇ ਗਰੰਟੀ ਦਿੱਤੀ ਹੈ ਅਤੇ ਕਿਹਾ ਹੈ ਕਿ ਪੈਰੋਲ ਦੌਰਾਨ ਕਿਸੇ ਵੀ ਤਰ੍ਹਾਂ ਦਾ ਅਮਨ-ਕਾਨੂੰਨ ਦਾ ਖ਼ਤਰਾ ਨਹੀਂ ਹੋਵੇਗਾ।
ਇਸ ਦੇ ਨਾਲ ਹੀ ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਇਸ ਮਾਮਲੇ ਨੂੰ ਮਨੁੱਖਤਾ ਦੇ ਆਧਾਰ ‘ਤੇ ਦੇਖਿਆ ਜਾਣਾ ਚਾਹੀਦਾ ਹੈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਸਰਕਾਰ ਵੱਲੋਂ ਪਰਿਵਾਰਕ ਪੱਖ ਨੂੰ ਵੀ ਅਹਿਮ ਮੰਨਿਆ ਗਿਆ ਹੈ। ਕਿਹਾ ਗਿਆ ਹੈ ਕਿ ਇੱਕ ਬਜ਼ੁਰਗ ਮਾਂ ਪਿਛਲੇ 31 ਸਾਲਾਂ ਤੋਂ ਆਪਣੇ ਪੁੱਤਰ ਨੂੰ ਮਿਲਣ ਦੀ ਤਾਂਘ ਰੱਖਦੀ ਹੈ। ਇਸੇ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ।
ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਅੰਤਿਮ ਫੈਸਲਾ ਕਦੋਂ ਅਤੇ ਕੀ ਹੁੰਦਾ ਹੈ।
