Connect with us

Punjab

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 24 ਘੰਟੇ ਜੰਗੀ ਪੱਧਰ ’ਤੇ ਰਾਹਤ ਕਾਰਜ ਜਾਰੀ

Published

on

  • 27 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
  • 170 ਰਾਹਤ ਕੈਂਪਾਂ ’ਚ ਰਹਿ ਰਹੇ ਹਨ 4871 ਲੋਕ
  • ਡਰਾਈ ਫੂਡ ਪੈਕਟਾਂ ਦੀ ਵੰਡ ਜਾਰੀ, ਰੂਪਨਗਰ ਵਿੱਚ 22,896 ਅਤੇ ਪਟਿਆਲਾ ਵਿੱਚ 64,000 ਪੈਕਟ ਵੰਡੇ

ਚੰਡੀਗੜ੍ਹ, 24 ਜੁਲਾਈ 2023:

ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 451 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ 204 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਵਜੋਂ ਰਾਜ ਸਰਕਾਰ ਨੇ ਆਪਣੀ ਸਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27261 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 170 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 4871 ਲੋਕ ਰਹਿ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹਿਆਂ ਦੇ 1460 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22896, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

ਪਸ਼ੂ ਧਨ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ 22 ਜੁਲਾਈ ਨੂੰ 2084 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ ਜਦਕਿ 1576 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ।