Punjab
ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਾਂਝੇ ਰਹਿ ਗਏ ਸਾਰੇ ਲੜਕਿਆਂ ਨੂੰ ਵੀ ਮੁਫ਼ਤ ਵਰਦੀ ਦੇਣ ਲਈ ਹਰੀ ਝੰਡੀ

ਚੰਡੀਗੜ੍ਹ, ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ ਸਰਕਾਰੀ ਸਕੂਲਾਂ ਵੱਲ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਵਿਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਵੀ ਮੁਫ਼ਤ ਵਰਦੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ ਕਰੇਗੀ।
ਇਹ ਫੈਸਲਾ ਮੁੱਖ ਮੰਤਰੀ ਦਫ਼ਤਰ ਵਿਖੇ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ। ਜ਼ਿਕਰਯੋਗ ਹੈ ਕਿ ਇਸ ਵੇਲੇ ਸਕੂਲ ਸਿੱਖਿਆ ਵਿਭਾਗ ਦੁਆਰਾ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਵਿਚ ਪੜ੍ਹਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੜਕਿਆਂ ਨੂੰ ‘ਸਮੱਗਰ ਸ਼ਿਕਸ਼ਾ’ ਦੇ ਨਿਯਮਾਂ ਅਤੇ ਸਿੱਖਿਆ ਦੇ ਅਧਿਕਾਰ ਐਕਟ ਦੇ ਤਹਿਤ ਵਰਦੀ ਮੁਹੱਈਆ ਕਰਵਾਈ ਜਾ ਰਹੀ ਹੈ।
ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਨ੍ਹਾਂ ਲਈ ਮੌਜੂਦਾ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਜਨਰਲ ਵਰਗ ਨਾਲ ਸਬੰਧਤ ਲੜਕਿਆਂ ਨੂੰ ਵਿਭਾਗ ਵੱਲੋਂ ਵਰਦੀ ਨਹੀਂ ਦਿੱਤੀ ਜਾਂਦੀ ਕਿਉਂ ਜੋ ਇਹ ਵਿਦਿਆਰਥੀ ਸਿੱਖਿਆ ਦਾ ਅਧਿਕਾਰ ਐਕਟ ਦੇ ਮੁਤਾਬਕ ਹੱਕਦਾਰ ਨਹੀਂ ਹਨ।
ਪੰਜਾਬੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਛੇ ਚੇਅਰਾਂ ਸਥਾਪਤ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸੰਤ ਕਬੀਰ ਸਾਹਿਬ, ਭਾਈ ਜੀਵਨ ਸਿੰਘ/ਭਾਈ ਜੈਤਾ ਜੀ ਅਤੇ ਮੱਖਣ ਸ਼ਾਹ ਲੁਬਾਣਾ ਚੇਅਰਾਂ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਗੁਰੂ ਰਵਿਦਾਸ ਜੀ ਅਤੇ ਭਗਵਾਨ ਵਾਲਮਿਕੀ ਜੀ ਚੇਅਰਾਂ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਭਗਵਾਨ ਪਰਸ਼ੂਰਾਮ ਜੀ ਦੇ ਨਾਮ ਉਤੇ ਵੀ ਛੇਤੀ ਹੀ ਚੇਅਰ ਸਥਾਪਤ ਕੀਤੀ ਜਾਵੇਗੀ।
ਇਹ ਫੈਸਲਾ ਸਮਾਜ ਦੀਆਂ ਮਹਾਨ ਸ਼ਖਸੀਅਤਾਂ ਦੇ ਵਡਮੁੱਲੇ ਯੋਗਦਾਨ ਦਾ ਅਧਿਐਨ ਕਰਨ ਦੇ ਉਦੇਸ਼ ਨਾਲ ਉਨ੍ਹਾਂ ਬਾਰੇ ਖੋਜ ਕਰਨ ਵਿਚ ਮਦਦ ਕਰੇਗਾ ਜਿਸ ਨਾਲ ਨਵੀਂ ਪੀੜ੍ਹੀ ਅਜਿਹੀਆਂ ਸ਼ਖਸੀਅਤਾਂ ਅਤੇ ਉਨ੍ਹਾਂ ਦੇ ਕਾਰਜਾਂ ਬਾਰੇ ਹੋਰ ਜਾਣਕਾਰੀ ਹਾਸਲ ਕਰ ਸਕੇਗੀ।