Punjab
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਐਲਾਨ, ਪੰਜਾਬ ‘ਚ ਹੁਣ ਬਣਨਗੇ ਸਮਾਰਟ ਪਿੰਡ
ਪੰਜਾਬ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ 500 ਪਿੰਡਾਂ ਨੂੰ ‘ਸਮਾਰਟ ਪਿੰਡ’ ਬਣਾਇਆ ਜਾਵੇਗਾ ਅਤੇ ਪੜਾਅਵਾਰ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਖੇਡਾਂ ਤੋਂ ਇਲਾਵਾ ਹੋਰ ਜਿੰਨੀਆਂ ਵੀ ਸੁੱਖ-ਸਹੂਲਤਾਂ ਸ਼ਹਿਰਾਂ ’ਚ ਮਿਲਦੀਆਂ ਹਨ, ਉਹ ਪਿੰਡਾਂ ਵਿਚ ਮਿਲਣਗੀਆਂ।
ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਐਨਆਰਆਈ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਇਸ ਨੂੰ ਤਰਜੀਹੀ ਆਧਾਰ ’ਤੇ ਦੂਰ ਕਰੇਗੀ। ਸ੍ਰੀ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਭ ਮਸਲੇ ਹੱਲ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਇੱਕ ਮਹੀਨੇ ਤੋਂ ਐਨਆਰਆਈ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸੁਣ ਰਹੀ ਹੈ ਅਤੇ ਐੱਨਆਰਆਈਜ਼ ਨਾਲ ਸਬੰਧਤ ਕਰੀਬ 650 ਕੇਸ ਵੱਖ-ਵੱਖ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨੂੰ ਸੌਂਪੇ ਹੋਏ ਹਨ, ਜੋ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ।