Amritsar
ਕੋਰੋਨਾ ਵਾਇਰਸ ਕਾਰਨ ਸਕੂਲਾਂ ‘ਚ 31 ਮਾਰਚ ਤੱਕ ਛੁੱਟੀਆਂ
ਚੰਡੀਗੜ੍ਹ,13 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਉਹਨਾਂ ਕਿਹਾ ਹੈ ਕਿ ਜਿਹਨਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚੱਲਦੀਆਂ ਰਹਿਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਦੱਸਿਆ ਕਿ ਇਹ ਨਾਮੁਰਾਦ ਬੀਮਾਰੀ ਪੂਰੇ ਵਿਸ਼ਵ ਵਿੱਚ ਫੈਲ ਰਹੀ ਹੈ ਅਤੇ ਸੂਬੇ ਵਿੱਚ ਇਸ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਲਈ ਉਪਰਾਲੇ ਤੇਜ਼ ਕੀਤੇ ਜਾਣ।
ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਸਿੰਗਲਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਸਕੂਲਾਂ ਵਿੱਚ ਪ੍ਰੀਖਿਆਵਾਂ ਜਾਰੀ ਹਨ, ਉਥੇ ਪ੍ਰੀਖਿਆਵਾਂ ਉਸੇ ਤਰਾਂ ਚਲਦੀਆਂ ਰਹਿਣਗੀਆਂ। ਸਿੰਗਲਾ ਨੇ ਦੱਸਿਆ ਕਿ ਬੁਖਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣਾ ਆਦਿ ਕੋਰੋਨਾ ਵਾਇਰਸ ਦੇ ਆਮ ਲੱਛਣ ਹਨ। ਇਸ ਲਈ ਜ਼ਰੂਰੀ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਅਤੇ ਨੱਕ ਉਤੇ ਰੁਮਾਲ ਰੱਖਿਆ ਜਾਵੇ ਅਤੇ ਛਿੱਕਦੇ ਸਮੇਂ ਨੱਕ ਨੂੰ ਆਪਣੀ ਕੂਹਣੀ ਨਾਲ ਢੱਕ ਕੇ ਰੱਖਿਆ ਜਾਵੇ। ਮਾਸਕ ਦਾ ਪ੍ਰਯੋਗ ਕੀਤਾ ਜਾਵੇ ਅਤੇ ਬੁਖਾਰ ਜਾਂ ਖਾਂਸੀ ਵਾਲੇ ਵਿਅਕਤੀਆਂ ਤੋਂ ਦੂਰੀ ਬਣਾ ਕੇ ਰੱਖੀ ਜਾਵੇ।ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਅ ਲਈ ਪਹਿਲਾਂ ਹੀ ਸਥਾਪਤ ਕੀਤੀ ਹੈਲਪਲਾਈਨ-104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੈਸ਼ਨਲ ਕਾਲ ਸੈਂਟਰ 011-23978046 ਅਤੇ ਸਟੇਟ ਕੰਟਰੋਲ ਰੂਮ ਨੰਬਰ 88720-90029 ਅਤੇ 0172-2920074 ਵੀ ਸਥਾਪਤ ਕੀਤੇ ਗਏ ਹਨ।