Connect with us

Punjab

ਡਾ: ਦਲਜੀਤ ਸਿੰਘ ਚੀਮਾ ਨੇ ਵਲਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮੁਆਫ਼ੀ

Published

on

AMRITSAR :  ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ। ਇਸ ਵਫ਼ਦ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਸਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਸਿੰਘ ਸਾਹਿਬਾਨ ਖ਼ਿਲਾਫ਼ ਦਿੱਤੇ ਬਿਆਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਇਹ ਯਕੀਨ ਦਵਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਸਾਹਿਬਾਨ ਨਾਲ ਹੈ ਅਤੇ ਹਮੇਸ਼ਾ ਹੀ ਨਾਲ ਖੜ੍ਹੀ ਰਹੇਗੀ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ. ਚੀਮਾ ਨੇ ਕਿਹਾ ਹੈ ਕਿ ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ। ਜੇਕਰ ਅਜਿਹਾ ਹੋਇਆ ਹੈ ਤਾਂ ਉਹ ਪਾਰਟੀ ਦੀ ਤਰਫੋਂ ਇਸ ਲਈ ਮੁਆਫ਼ੀ ਮੰਗਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਹਮੇਸ਼ਾ ਹੀ ਅਕਾਲੀ ਦਲ ਨੇ ਮੰਨਿਆ ਹੈ ਅਤੇ ਅਗਾਹ ਵੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ‘ਤੇ ਡੱਟ ਕੇ ਪਹਿਰਾ ਦੇਵੇਗੀ । ਸਮੁੱਚੀ ਸਿੱਖ ਕੌਮ ਦੇ ਮਨਾਂ ਅੰਦਰ ਸਿੰਘ ਸਾਹਿਬਾਨ ਲਈ ਬਹੁਤ ਸਤਿਕਾਰ ਹੈ। ਜੇਕਰ ਸਾਡੇ ਸਾਥੀ ਕੋਲੋਂ ਸਿੰਘ ਸਾਹਿਬਾਨ ਦੀ ਸ਼ਾਨ ਦੇ ਖ਼ਿਲਾਫ਼ ਕੁਝ ਕਿਹਾ ਗਿਆ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ। ਇਸ ਦੌਰਾਨ ਉਨ੍ਹਾਂ ਸਾਰੀ ਪਾਰਟੀ ਦੇ ਮੈਂਬਰਾਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਜੇਕਰ ਕੋਈ ਵੀ ਸਿੰਘ ਸਹਿਬਾਨ ਨੂੰ ਅਪਸ਼ਬਦ ਬੋਲੇਗਾ ਤਾਂ ਪਾਰਟੀ ਉਸ ਨਾਲ ਸਖ਼ਤੀ ਨਾਲ ਪੇਸ਼ ਆਵੇਗੀ।