Punjab
ਪੁਲਿਸ ਅਤੇ BSF ਦੇ ਜਵਾਨ ਅਲਰਟ, ਸਰਹੱਦੀ ਖੇਤਰ ‘ਚ ਵੱਡੇ ਪੱਧਰ ‘ਤੇ ਚਲਾਇਆ ਤਲਾਸ਼ੀ ਅਭਿਆਨ
DINANAGAR: ਅੱਜ ਯਾਨੀ (3 ਅਪ੍ਰੈਲ) ਸਵੇਰੇ ਐਸ.ਪੀ ਹੈੱਡਕੁਆਰਟਰ ਪਠਾਨਕੋਟ ਗੁਰਬਾਜ਼ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਸਾਂਝੇ ਤੌਰ ‘ਤੇ ਇੱਕ ਵੱਡਾ ਸਰਚ ਅਭਿਆਨ ਚਲਾਇਆ ਗਿਆ ਹੈ । ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ ਅਤੇ ਉਨ੍ਹਾਂ ਦੇ ਨਾਲ ਸੀਮਾ ਸੁਰੱਖਿਆ ਬਲ ਦੇ ਨਾਲ ਪੰਜਾਬ ਪੁਲਿਸ ਦੀ ਮਹਿਲਾ ਵਿੰਗ ਵੀ ਤਾਇਨਾਤ ਸੀ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਰਹੱਦੀ ਖੇਤਰ ਬਮਿਆਲ ਅਤੇ ਨੇੜਲੇ ਪਿੰਡਾਂ ਸਿੰਬਲ ਸਕੋਲ, ਢੀਂਡਾ, ਖੋਜਕੀਚੱਕ, ਬਮਿਆਲ, ਸਿੰਬਲ ਕੁਲੀਆਂ ਦੀ ਬੜੀ ਗੰਭੀਰਤਾ ਨਾਲ ਜਾਂਚ ਕੀਤੀ।
ਇਸ ਮੌਕੇ ਸੁਰੱਖਿਆ ਏਜੰਸੀਆਂ ਨੇ ਭਾਰਤ-ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ ‘ਤੇ ਪਹੁੰਚ ਕੇ ਆਲੇ-ਦੁਆਲੇ ਦੇ ਖੇਤਾਂ ਦੀ ਤਲਾਸ਼ੀ ਲਈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਤੋਂ ਘੁਸਪੈਠ ਦੀਆਂ ਗਤੀਵਿਧੀਆਂ ਨੂੰ ਲੈ ਕੇ ਅਲਰਟ ਕੀਤਾ ਸੀ।
ਇਸ ਕਾਰਨ ਅੱਜ ਸੁਰੱਖਿਆ ਏਜੰਸੀਆਂ ਵੱਲੋਂ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਓਜ ਦਰਿਆ ਨੇੜੇ ਇਲਾਕੇ ਵਿੱਚ ਰਹਿੰਦੇ ਗੁੱਜਰ ਭਾਈਚਾਰੇ ਦੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਦੀ ਰਿਹਾਇਸ਼ ਦੇ ਸਾਰੇ ਦਸਤਾਵੇਜ਼ ਵੀ ਚੈੱਕ ਕੀਤੇ ਗਏ। ਇਸ ਮੌਕੇ ਐੱਸ.ਐੱਚ.ਓ. ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਅਤੇ ਬੀ.ਐਸ.ਐਫ. ਦੇ ਜਵਾਨ ਹਾਜ਼ਰ ਸਨ।