Connect with us

Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Published

on

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਰੀ ਮੁਤਾਬਿਕ ਅੰਮ੍ਰਿਤਸਰ ਦੇ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਪਿੰਡ ਗੁਮਾਨਪੁਰਾ ਦੇ ਰਹਿਣ ਵਾਲੇ ਸੁਖਦੇਵ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।

ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਉਸ ਦੀ ਜ਼ਮੀਨ ਦੀ ਮਿਆਦ ਪੁੱਗਣ ਦੀ ਸੂਚਨਾ ਮਾਲ ਰਿਕਾਰਡ ਵਿੱਚ ਦਰਜ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਤਹਿਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤ ਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।