Connect with us

Punjab

ਪੰਜਾਬ ਸਰਕਾਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਜਲਦ ਭੇਜੇਗੀ ਪ੍ਰਸਤਾਵ: ਰਾਜਾ ਵੜਿੰਗ

Published

on

ਚੰਡੀਗੜ੍ਹ/ ਸਰਾਭਾ (ਲੁਧਿਆਣਾ), :

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜ ਕੇ ਅਪੀਲ ਕਰੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਸ਼ਹੀਦ ਨੂੰ ਸ਼ਰਧਾਂਜਲੀ ਹੋਵੇਗੀ ਜਿਸ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ।

ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਦੀ ਤਜਵੀਜ਼ ‘ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਦਾਖਾ ਦੇ ਨਵੇਂ ਬੱਸ ਅੱਡੇ ਦਾ ਨਾਂ ਵੀ ਸ਼ਹੀਦ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਇਸ ਸਬੰਧੀ ਪ੍ਰਸਤਾਵ ਨੂੰ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਲੁਧਿਆਣਾ ਤੋਂ ਸਰਾਭਾ ਪਿੰਡ ਤੱਕ ਪੰਜਾਬ ਰੋਡਵੇਜ਼ ਦੀ ਰੋਜ਼ਾਨਾ ਬੱਸ ਸੇਵਾ ਚਲਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ।

ਵੜਿੰਗ ਨੇ ਕਿਹਾ ਕਿ ਉਹ ਦੇਸ਼ ਦੇ ਮਹਾਨ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਕੋਸ਼ਿਸ਼ ਕਰਨਗੇ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹਿਣਗੇ।

ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।

ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਦਾਖਾ ਬੱਸ ਸਟੈਂਡ ਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਣ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਵਚਨਬੱਧ ਹੈ, ਜਿਨ੍ਹਾਂ ਨੇ ਇੰਨੀ ਛੋਟੀ ਉਮਰ ਵਿੱਚ ਸ਼ਹਾਦਤ ਦਿੱਤੀ ਸੀ।

ਬਾਅਦ ਵਿੱਚ ਕੈਬਨਿਟ ਮੰਤਰੀ ਰਾਜਾ ਵੜਿੰਗ, ਕੈਪਟਨ ਸੰਦੀਪ ਸੰਧੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਰਾਜ ਬਚਨ ਸਿੰਘ ਸੰਧੂ ਅਤੇ ਕਈ ਹੋਰਾਂ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ।