Connect with us

Punjab

ਮੁੱਖ ਮੰਤਰੀ ਚੰਨੀ ਨੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

Published

on

ਐਸ.ਏ.ਐਸ.ਨਗਰ (ਮੁਹਾਲੀ), 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਸੂਬੇ ਵਿੱਚ ਜੂਡੋ ਖੇਡ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਅਤਿ ਆਧੁਨਿਕ ਵਿਸ਼ਵ ਪੱਧਰੀ ਇਨਡੋਰ ਜੂਡੋ ਸਟੇਡੀਅਮ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਪੰਜਾਬ ਜੂਡੋ ਫੈਡਰੇਸ਼ਨ ਨੂੰ ਵਿਸ਼ਵ ਪੱਧਰੀ ਸਟੇਡੀਅਮ ਦੀ ਉਸਾਰੀ ਲਈ ਢੁਕਵੀਂ ਜ਼ਮੀਨ ਦੀ ਸ਼ਨਾਖਤ ਕਰਨ ਲਈ ਕਿਹਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਇਹ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਅੰਤ ਵਿੱਚ ਪੰਜਾਬੀ ਨੌਜਵਾਨ ਅੰਤਰਰਾਸ਼ਟਰੀ ਪੱਧਰ ਦੇ ਜੂਡੋ ਮੁਕਾਬਲਿਆਂ ਵਿੱਚ ਆਪਣੀ ਸ਼ਾਨ ਬਹਾਲ ਕਰ ਸਕਣ।

ਮੁੱਖ ਮੰਤਰੀ ਨੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਵਡਮੁੱਲੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਜਿਸ ਨੇ ਕੋਵਿਡ-19 ਮਹਾਂਮਾਰੀ ਤੋਂ ਬਾਅਦ ਪਹਿਲੇ ਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਕਰਵਾਉਣ ਦੀ ਚੁਣੌਤੀ ਨੂੰ ਸਵੀਕਾਰ ਕੀਤਾ ਅਤੇ ਐਸੋਸੀਏਸ਼ਨ ਦੇ ਇਸ ਉਪਰਾਲੇ ਨੂੰ ਮੌਜੂਦਾ ਸਥਿਤੀ ਵਿੱਚ ਇੱਕ ਵੱਡਾ ਕਾਰਜ ਕਰਾਰ ਦਿੱਤਾ।

ਇਸ ਤੋਂ ਪਹਿਲਾਂ ਜੂਡੋ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਜੀ ਆਇਆਂ ਆਖਿਆ ਅਤੇ ਸਮਾਗਮ ਵਿੱਚ ਸਹਿਯੋਗ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਦਾ ਪੰਜਾਬ ਜੂਡੋਕਾਜ਼ ਐਸੋਸੀਏਸ਼ਨ ਅਤੇ ਜੂਡੋ ਫੈਡਰੇਸ਼ਨ ਆਫ਼ ਇੰਡੀਆ ਨੂੰ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਵਿੱਚ ਇਨ੍ਹਾਂ ਨੈਸ਼ਨਲ ਚੈਂਪੀਅਨਸ਼ਿਪਾਂ ਦੀ ਮੇਜ਼ਬਾਨੀ ਕਰਨ ਦੀ ਇਜਾਜ਼ਤ ਦੇਣ ਲਈ ਧੰਨਵਾਦ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ (ਅੰਤ੍ਰਿਮ) ਵੈਂਕਟ ਨਮੀਸੇਟੀ, ਖਜ਼ਾਨਚੀ ਕੈਲਾਸ਼ ਯਾਦਵ, ਪੰਜਾਬ ਜੂਡੋ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਸਿੰਘ ਬਾਜਵਾ, ਜਨਰਲ ਸਕੱਤਰ ਸ: ਦੇਵ ਸਿੰਘ ਧਾਲੀਵਾਲ, ਸੁਰਿੰਦਰ ਕੁਮਾਰ ਤੋਂ ਇਲਾਵਾ ਪੰਜਾਬ ਜੂਡੋ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।