India
ਰੌਸ਼ਨੀਆਂ ਦਾ ਤਿਉਹਾਰ ‘ਦੀਵਾਲੀ’ ਦਾ ਜਾਣੋ ਇਤਿਹਾਸ

DIWALI FESTIVAL : ਦੀਵਾਲੀ ਦਾ ਤਿਉਹਾਰ, ਜੋ ਦੁਨੀਆ ਦੇ ਕੋਨੇ-ਕੋਨੇ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਤਿਉਹਾਰ ਸਬੰਧੀ ਇਤਿਹਾਸ ਦੀ ਗੱਲ ਕਰੀਏ ਤਾਂ ਹਿੰਦੂ ਅਤੇ ਸਿੱਖ ਧਰਮ ਵਿੱਚ ਇਸ ਬਾਰੇ ਅਲ਼ੱਗ ਅਲੱਗ ਰੀਤਾਂ ਪ੍ਰਚਲਿਤ ਹਨ। ਰੌਸ਼ਨੀ ਦਾ ਤਿਉਹਾਰ ਦੀਵਾਲੀ ਦੀ ਹਿੰਦੂ ਸਮਾਜ ਵਿੱਚ ਮਹੱਤਤਾ ਬਾਰੇ ਗੱਲ਼ ਕਰੀਏ ਤਾਂ ਇਸ ਦਿਨ ਸ੍ਰੀ ਰਾਮਚੰਦਰ ਜੀ ਦੇ ਅਯੁੱਧਿਆ ਵਾਪਸ ਪਹੁੰਚਣ ਤੇ ਖੁਸ਼ੀ ਦਾ ਇਜ਼ਹਾਰ ਕਰਨ ਲਈ ਲੋਕਾਂ ਨੇ ਦੀਪਮਾਲਾ ਕੀਤੀ ਸੀ। ਉੱਥੇ ਦੂਸਰੇ ਪਾਸੇ ਸਿੱਖ ਕੌਮ ਵੱਲੋਂ ਦੀਵਾਲੀ ਦੀ ਵੱਖਰੀ ਹੀ ਮਹੱਤਤਾ ਹੈ, ਕਿਉਂਕਿ ਸਿੱਖ ਕੌਮ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਣ ਦਾ ਸਬੰਧ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ‘ਚੋਂ ਰਿਹਾਈ ਨਾਲ ਜੁੜਿਆ ਹੋਇਆ ਹੈ।
ਸਿੱਖ ਕੌਮ ਦੇ ਨਿਰਾਲੇ ਇਤਿਹਾਸ ਨੂੰ ਬਿਆਨ ਕਰਦਾ ਬੰਦੀ ਛੋੜ ਦਿਵਸ ਕੌਮ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਛੇਵੇਂ ਪਾਤਸ਼ਾਹ ਆਪਣੇ ਨਾਲ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਉਣ ਮਗਰੋਂ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਪਹੁੰਚੇ ਸਨ, ਜਿਸ ’ਤੇ ਸੰਗਤਾਂ ਨੇ ਘਿਓ ਦੇ ਦੀਵੇ ਬਾਲ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਸੀ। ਇਹ ਪ੍ਰੰਪਰਾ ਅੱਜ ਵੀ ਨਿਰੰਤਰ ਜਾਰੀ ਹੈ। ਬੰਦੀ ਛੋੜ ਦੇ ਇਤਿਹਾਸ ਨੇ ਹੱਕ ਸੱਚ ਅਤੇ ਇਨਸਾਫ ਦੀ ਇੱਕ ਵੱਡੀ ਉਦਾਹਰਣ ਪੇਸ਼ ਕੀਤੀ ਜੋ ਦੁਨੀਆ ਅੰਦਰ ਹੋਰ ਕਿਧਰੇ ਨਹੀਂ ਮਿਲਦੀ। ਸਮੇਂ ਦੀਆਂ ਹਕੂਮਤਾਂ ਅਕਸਰ ਮਨੁੱਖੀ ਹੱਕਾਂ ਨੂੰ ਦਬਾਉਣ ਦਾ ਯਤਨ ਕਰਦੀਆਂ ਰਹੀਆਂ ਹਨ। ਗੁਰੂ ਸਾਹਿਬਾਨ ਦੇ ਸਮੇਂ ਵੀ ਹਕੂਮਤਾਂ ਦਾ ਜਬਰ ਸਿਖ਼ਰ ’ਤੇ ਸੀ, ਜਿਸ ਦੇ ਵਿਰੁੱਧ ਗੁਰੂ ਸਾਹਿਬਾਨ ਨੇ ਆਵਾਜ਼ ਬੁਲੰਦ ਕੀਤੀ। ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਇੱਕ ਕ੍ਰਾਂਤੀਕਾਰੀ ਮੋੜ ਲਿਆਂਦਾ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਮੁਗ਼ਲਾਂ ਦੇ ਜਬਰ ਨਾਲ ਨਜਿੱਠਣ ਲਈ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਹਥਿਆਰਬੰਦ ਹੋਣ ਦਾ ਸੰਦੇਸ਼ ਦਿੱਤਾ।ਉਨ੍ਹਾਂ ਨੇ ‘ਮੀਰੀ’ ਤੇ ‘ਪੀਰੀ’ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ। ਸਿੱਖਾਂ ਨੂੰ ਘੋੜ ਸਵਾਰੀ ਸਮੇਤ ਯੁੱਧ ਕਲਾ ‘ਚ ਨਿਪੁੰਨ ਹੋਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਜੀ ਨੇ ਅੰਮ੍ਰਿਤਸਰ ਵਿੱਚ ਸਿੱਖ ਕੌਮ ਸਬੰਧੀ ਨਿਰਣਿਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ। ਬਾਬਰ ਦਾ ਜੇਲ੍ਹ ਖ਼ਾਨਾ ਜਿਵੇਂ ਗੁਰੂ ਨਾਨਕ ਪਾਤਸ਼ਾਹ ਨੂੰ ਸੱਚ ਦੇ ਮਾਰਗ ਤੋਂ ਡਗਮਗਾ ਨਹੀਂ ਸਕਿਆ।ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਉਪਰੰਤ ਹਕੂਮਤ ਦੇ ਜ਼ੁਲਮ ਨਾਲ ਨਜਿੱਠਣ ਲਈ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਸ਼ਸਤਰਧਾਰੀ ਹੋਣ ਲਈ ਪ੍ਰੇਰਦਿਆਂ ਘੋੜ ਸਵਾਰੀ ਅਤੇ ਯੁੱਧ ਕਲਾ ਵਿਚ ਨਿਪੁੰਨ ਹੋਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ ਆਜ਼ਾਦ ਹੋਂਦ ਹਸਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਆਜ਼ਾਦਾਨਾ ਤੇ ਬੁਲੰਦ ਸ਼ਖ਼ਸੀਅਤ ਸਮੇਂ ਦੀ ਹਕੂਮਤ ਨੂੰ ਰੜਕਣ ਲੱਗੀ। ਇਸ ਦੇ ਨਾਲ ਹੀ ਗੁਰੂ ਘਰ ਦੇ ਦੋਖੀਆਂ ਨੇ ਵੀ ਹਕੂਮਤ ਦੇ ਕੰਨ ਭਰੇ। ਬਾਦਸ਼ਾਹ ਜਹਾਂਗੀਰ ਨੇ ਕਪਟੀ ਚਾਲਾਂ ਚੱਲਦਿਆਂ ਗੁਰੂ ਸਾਹਿਬ ਨੂੰ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕਰ ਲਿਆ। ਇਸ ਕਿਲ੍ਹੇ ਵਿਚ ਜਹਾਂਗੀਰ ਨੇ ਵੱਖ-ਵੱਖ ਰਿਆਸਤਾਂ ਦੇ 52 ਰਾਜਿਆਂ ਨੂੰ ਵੀ ਕੈਦ ਰੱਖਿਆ ਹੋਇਆ ਸੀ। ਇਹ ਰਾਜੇ ਆਪਣੀ ਆਜ਼ਾਦੀ ਦਾ ਵਿਚਾਰ ਤਿਆਗ ਕੇ ਘੋਰ ਨਿਰਾਸ਼ਾ ਵਿਚ ਜਾ ਚੱਕੇ ਸਨ। ਗੁਰੂ ਸਾਹਿਬ ਦੀ ਸੰਗਤ ਦਾ ਇਨ੍ਹਾਂ ਬੰਦੀ ਰਾਜਿਆਂ ਦੇ ਮਨਾਂ ’ਤੇ ਬਹੁਤ ਚੰਗਾ ਅਸਰ ਹੋਇਆ ਅਤੇ ਉਨ੍ਹਾਂ ਅੰਦਰ ਆਸ ਦੀ ਕਿਰਨ ਜਾਗ ਉੱਠੀ। ਇਸ ਦੇ ਨਾਲ ਹੀ ਗੁਰੂ ਸਾਹਿਬ ਨੂੰ ਕਿਲ੍ਹੇ ਵਿਚ ਬੰਦੀ ਬਣਾਉਣ ਕਰਕੇ ਸਿੱਖ ਸੰਗਤਾਂ ਦੇ ਮਨਾਂ ਵਿਚ ਵੀ ਭਾਰੀ ਰੋਸ ਸੀ, ਜਿਸ ਨੂੰ ਵੇਖਦਿਆਂ ਹਕੂਮਤ ਨੂੰ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਐਲਾਨ ਕਰਨਾ ਪਿਆ। ਆਖਿਰ ਸੱਚ ਦੀ ਜਿੱਤ ਹੋਈ। ਜਹਾਂਗੀਰ ਨੇ ਗੁਰੂ ਸਾਹਿਬ ਦੀ ਰਿਹਾਈ ਦੇ ਹੁਕਮ ਦਿੱਤੇ, ਪਰ ਸੱਚੀ ਸਰਕਾਰ ਨੇ ਇਕੱਲੇ ਜੇਲ੍ਹ ਤੋਂ ਰਿਹਾ ਹੋਣ ਤੋਂ ਇਨਕਾਰ ਕਰ ਦਿੱਤਾ। ਗੁਰੂ ਸਾਹਿਬ ਨੇ ਮੁਗ਼ਲ ਹਕੂਮਤ ਅੱਗੇ ਆਪਣੀ ਰਿਹਾਈ ਦੇ ਨਾਲ 52 (ਬਵੰਜਾ) ਰਾਜਿਆਂ ਦੀ ਰਿਹਾਈ ਦੀ ਸ਼ਰਤ ਰੱਖੀ। ਮੁਕਤੀ ਦੇ ਦਾਤਾ ਗੁਰੂ ਸਾਹਿਬ ਵੱਲੋਂ ਪਹਿਨੇ ਬਵੰਜਾ (52) ਕਲੀਆਂ ਵਾਲੇ ਚੋਲੇ ਨਾਲ 52 ਹੋਰ ਰਾਜਿਆਂ ਨੂੰ ਵੀ ਜੇਲ੍ਹ ਤੋਂ ਆਜ਼ਾਦ ਕਰਵਾਇਆ।
ਕਿਲ੍ਹੇ ‘ਚੋਂ ਰਿਹਾਈ ਉਪਰੰਤ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਤਾਂ ਸਿੱਖ ਸੰਗਤ ਨੇ ਉਨ੍ਹਾਂ ਦੀ ਆਮਦ ਦੀ ਖ਼ੁਸ਼ੀ ‘ਚ ਹਰਿਮੰਦਰ ਸਾਹਿਬ ਵਿਖੇ ‘ਦੀਪਮਾਲਾ’ ਅਤੇ ‘ਆਤਿਸ਼ਬਾਜ਼ੀ’ ਦੇ ਨਾਲ-ਨਾਲ ਆਪਣੇ ਘਰਾਂ ਦੇ ਬਨੇਰਿਆਂ/ਕੰਧਾਂ ‘ਤੇ ਵੀ ਦੀਪਮਾਲਾ ਕੀਤੀ। ਉਸ ਦਿਨ ਤੋਂ ਸਿੱਖ ਕੌਮ ਦਾ ਦੀਵਾਲੀ ਨਾਲ ਸਬੰਧ ਹੋਰ ਗਹਿਰਾ ਹੋ ਗਿਆ ਤੇ ਸਿੱਖਾਂ ਨੇ ਦੀਵਾਲੀ ਦਾ ਤਿਉਹਾਰ ਬੰਦੀ ਛੋੜ ਦਿਵਸ ਵਜੋਂ ਮਨਾਉਣਾ ਸ਼ੁਰੂ ਕੀਤਾ।
ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ 19 ਜੂਨ ਸੰਨ 1595 ਈ. ਵਿੱਚ ਗੁਰੂ ਅਰਜਨ ਦੇਵ ਜੀ ਦੇ ਘਰ ਮਾਤਾ ਗੰਗਾ ਜੀ ਦੀ ਕੁੱਖੋਂ ਪਿੰਡ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਇਆ। ਗੁਰੂ ਸਾਹਿਬ ਜੀ ਦੀ ਪੜ੍ਹਾਈ ਅਤੇ ਸ਼ਸਤਰ ਵਿੱਦਿਆ ਦੀ ਜਿੰਮੇਵਾਰੀ ਬਾਬਾ ਬੁੱਢਾ ਜੀ ਨੇ ਨਿਭਾਈ। ਉਨ੍ਹਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰੂ-ਘਰ ਦੀ ਵਿੱਦਿਆ ਦਿੱਤੀ ਅਤੇ ਸ਼ਸਤਰਾਂ ਦੀ ਵਰਤੋਂ, ਘੋੜ ਸਵਾਰੀ, ਕੁਸ਼ਤੀਆਂ ਆਦਿ ਦੀ ਸਿਖਲਾਈ ਵੀ ਕਰਵਾਈ।ਸਿੱਖਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾਂਦੀ ਦੀਵਾਲੀ ਵਿਸ਼ਵ ਪ੍ਰਸਿੱਧ ਹੈ ਤੇ ਇਸ ਮੌਕੇ ‘ਆਤਿਸ਼ਬਾਜ਼ੀ’ ਤੇ ‘ਦੀਪਮਾਲਾ’ ਦਾ ਨਜ਼ਾਰਾ ਵਿਲੱਖਣ ਹੁੰਦਾ ਹੈ। ਇਹ ਆਲੌਕਿਕ ਨਜ਼ਾਰਾ ਵੇਖਣ ਅਤੇ ਗੁਰੂ ਸਾਹਿਬ ਨੂੰ ਸੀਸ ਝੁਕਾਉਣ ਲਈ ਵੱਡੀ ਗਿਣਤੀ ‘ਚ ਸੰਗਤਾਂ ਹਰ ਵਰ੍ਹੇ ਹੁਮ ਹੁੰਮਾ ਕੇ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਹਨ।