Connect with us

Punjab

ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਮੁੰਕਮਲ : ਪ੍ਰੋ. ਬਡੂੰਗਰ

Published

on

ਪਟਿਆਲਾ:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ 100 ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਵੱਖ-ਵੱਖ ਥਾਵਾਂ ਤੇ 7 ਸੈਮੀਨਾਰ ਕਰਵਾਏ ਜਾਣ ਜਾਣਗੇ, ਤਾਂ ਜੋ ਆਪਣੇ ਆਮੌਲਿਕ ਵਿਰਸੇ ਤੋਂ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ  ਸੈਮੀਨਾਰ ਸਬ ਕਮੇਟੀ ਦੇ ਚੇਅਰਮੈਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਕੜੀ ਤਹਿਤ ਪਹਿਲਾ ਸਮਾਗਮ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ 18 ਅਗਸਤ ਨੂੰ ਕਰਵਾਇਆ ਜਾਵੇਗਾ ਜਿਸ ਦੀਆਂ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਮੋਰਚਾ ਗੁਰੂ ਕਾ ਬਾਗ ਅਤੇ ਗੁਰਦੁਆਰਾ ਪੰਜਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦ ਹੋਏ ਸਿੰਘਾਂ ਦੇ 100 ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਇਨ੍ਹਾਂ ਸ਼ਹੀਦਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਅਤੇ ਡਾਕੂਮੈਂਟਰੀਆਂ ਤਿਆਰ ਕਰਵਾਈਆਂ ਜਾਣਗੀਆਂ ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ ਤੇ ਸੈਮੀਨਾਰ ਦੀਆਂ ਤਿਆਰੀਆਂ ਸਬੰਧੀ ਬਣੀ ਕਮੇਟੀ ਦੇ ਸਹਿ ਕੋਆਰਡੀਨੇਟਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸੈਮੀਨਾਰਾਂ ਦੀ ਲੜੀ ਵਿਚ ਪਹਿਲਾਂ ਸਮਾਗਮ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ  18 ਅਗਸਤ ਨੂੰ 11ਵਜੇ ਤੋਂ ਲੈ ਕੇ 2 ਵਜੇ ਤੱਕ  ਕਰਵਾਇਆ ਜਾਵੇਗਾ ।ਉਨ੍ਹਾਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਵਾਰ ਗਾਇਨ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਸਮਾਗਮ ਦੇ ਆਰੰਭ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਆਈ ਸੰਗਤ ਨੂੰ ਜੀ ਆਇਆਂ ਆਖਣਗੇ ਜਦੋਂਕਿ ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾ. ਸਰਬਜੀਤ ਸਿੰਘ ਰੇਣੂਕਾ ਲੁਧਿਆਣਾ ਵੱਲੋਂ ਪਰਚੇ ਪੜ੍ਹੇ ਜਾਣਗੇ । ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਜਾਵੇਗੀ ।

ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅੰਤ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਧੰਨਵਾਦੀ ਭਾਸ਼ਨ ਕੀਤਾ ਜਾਵੇਗਾ ਜਦੋਂ ਕਿ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵਲੋਂ  ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਲੜੀ ਤਹਿਤ ਦੂਸਰਾ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਕੁਰੂਕਸ਼ੇਤਰ ਵਿਖੇ, ਤੀਸਰਾ ਸੈਮੀਨਾਰ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਚੌਥਾ ਸੈਮੀਨਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ, ਪੰਜਵਾਂ ਸੈਮੀਨਾਰ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ, ਛੇਵਾਂ ਸੈਮੀਨਾਰ ਦਿੱਲੀ ਤੇ ਸੱਤਵਾਂ ਮੁੱਖ ਸਮਾਗਮ ਗੁਰਦੁਆਰਾ ਗੁਰੂ ਕਾ ਬਾਗ਼ ਪਿੰਡ ਘੁੱਕੇਵਾਲੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ  ।