Connect with us

Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਲੱਗੀਆਂ ਰੌਣਕਾਂ

Published

on

AMRITSAR : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਿਭਾਈ। ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਤਿਕਾਰ ’ਚ ਪੁਲਿਸ ਬੈਂਡ ਅਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਮੁਲਾਜ਼ਮ ਵੀ ਮੌਜੂਦ ਸਨ।

ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ। ਇਤਿਹਾਸਕ 12 ਦਰਵਾਜ਼ਿਆਂ ਨੂੰ ਵੀ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਲੈਕੇ ਸ੍ਰੀ ਦਰਬਾਰ ਸਾਹਿਬ ਚ ਖਾਸ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ ਹਰਿਮੰਦਰ ਸਾਹਿਬ ਨੂੰ 40 ਟਨ ਦੇਸ਼ੀ ਤੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ।  ਇਹ ਫੁੱਲ ਪੰਜ ਟਰੱਕਾਂ ਚ ਭਰ ਕੇ ਲਿਆਂਦੇ ਗਏ । ਇਹ ਵਿਲੱਖਣ ਸਜਾਵਟ ਯਕੀਨੀ ਤੌਰ ਤੇ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਹਰ ਸਾਲ ਸੰਗਤ ਹੀ ਫੁੱਲਾਂ ਦੀ ਸੇਵਾ ਕਰਦੀ ਹੈ ਇਸ ਵਾਰ ਇਹ ਫੁੱਲ ਮਲੇਸ਼ੀਆ। ਥਾਈਲੈਂਡ ਹਾਲੈਂਡ ਦੇ ਨਾਲ ਨਾਲ ਬੈਂਗਲੋਰ ਕੋਲਕਾਤਾ ਮੁੰਬਈ ਪੁਣੇ ਜਿਹੇ ਸ਼ਹਿਰਾਂ ਤੋਂ ਲਿਆਂਦੇ ਗਏ ਹਨ।

ਗਿਆਨੀ ਰਘਬੀਰ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ। ਗੁਰੂ ਸਾਹਿਬ ਵੱਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆਂ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਸਥਿਤ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੋਭਾ ਲਾਸਾਨੀ ਹੈ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ੍ਹਦੀਕਲਾ ਲਈ ਕਾਰਜਸ਼ੀਲ ਰਹਿਣ ਲਈ ਕਿਹਾ ਹੈ। ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਪੁਰਾਤਨ ਸ਼ਹਿਰ ਦੇ ਸਾਰੇ 12 ਇਤਿਹਾਸਿਕ ਦਰਵਾਜਿਆਂ ਦੇ ਬਾਹਰਵਾਰ ਹੁੰਦਾ ਹੋਇਆ 8 ਕਿੱਲੋਮੀਟਰ ਦੇ ਕਰੀਬ ਪੈਂਡਾ ਤੈਅ ਕਰਦਾ ਹੋਇਆ, ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਵੇਗਾ। ਨਗਰ ਕੀਰਤਨ ਦੌਰਾਨ ਅਨੇਕਾਂ ਪੰਥਕ ਸਖਸ਼ੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਚ ਸ਼ਿਰਕਤ ਕੀਤੀ।