Punjab
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਨਜ਼ਾਰਾ
ਧੰਨੁ ਧੰਨੁ ਰਾਮਦਾਸ ਗੁਰੁ, ਜਿਨਿ ਸਿਰਿਆ ਤਿਨੈ ਸਵਾਰਿਆ…
ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਖਣ ਨੂੰ ਮਿਲੀਆਂ। ਇਸ ਪਾਵਨ ਮੌਕੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨਜ਼ਾਰਾ ਬੇਹੱਦ ਅਲੌਕਿਕ ਅਤੇ ਮਨਮੋਹਕ ਦਿਖਾਈ ਦਿੱਤਾ। ਇਸ ਦੌਰਾਨ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ, ਜਿਸ ਨੇ ਗੁਰੂ ਘਰ ਦੀਆਂ ਰੌਣਕਾਂ ਨੂੰ ਹੋਰ ਵੀ ਵਧਾ ਦਿੱਤਾ। ਫੁੱਲਾਂ ਦੀ ਵਰਖਾ ਦਾ ਇਹ ਮਨਮੋਹਕ ਦ੍ਰਿਸ਼ ਦੇਖ ਕੇ ਸੰਗਤਾਂ ਦਾ ਮਨ ਸ਼ਰਧਾ ਅਤੇ ਖੁਸ਼ੀ ਨਾਲ ਭਰ ਗਿਆ।
ਹਰ ਪਾਸੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਅਧਿਆਤਮਿਕ ਮਾਹੌਲ ਬਣਿਆ ਰਿਹਾ। ਸੰਗਤਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦਾ ਇਹ ਪਾਵਨ ਦਿਹਾੜਾ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੇਵਾ, ਨਿਮਰਤਾ, ਪ੍ਰੇਮ ਅਤੇ ਸਾਂਝੀਵਾਲਤਾ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ।
