Punjab
ਹਾਈਕੋਰਟ ਨੇ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਕੀਤਾ ਮੁਅੱਤਲ
ਹਾਈ ਕੋਰਟ ਵੱਲੋਂ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਮੁਅੱਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਟਿਸ ਸੰਧਾਵਾਲੀਆ ਨੇ ਪਿਛਲੇ ਹਫਤੇ ਲੁਧਿਆਣਾ ਦੇ ਦੌਰੇ ਦੌਰਾਨ ਜੱਜ ਦੇ ਕੰਮ ਵਿਚ ਖਾਮੀਆਂ ਪਾਈਆਂ ਸਨ। ਇਸ ਤੋਂ ਬਾਅਦ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਹਾਈ ਕੋਰਟ ਦੇ ਜੱਜਾਂ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ-ਕਮ-ਸਿਵਲ ਜੱਜ (ਜੂਨੀਅਰ ਡਿਵੀਜ਼ਨ) ਰਾਜੀਵ ਗਰਗ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਅੱਤਲੀ ਦੌਰਾਨ ਇਨ੍ਹਾਂ ਦਾ ਮੁੱਖ ਦਫਤਰ ਨਵਾਂਸ਼ਹਿਰ ਬਣਾ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅਦਾਲਤ ਦੇ ਨਿਰੀਖਣ ਦੌਰਾਨ ਜਸਟਿਸ ਸੰਧਾਵਾਲੀਆ ਨੇ ਅਦਾਲਤੀ ਕਾਰਵਾਈ, ਰਿਕਾਰਡ ਸੰਭਾਲਣ ਅਤੇ ਡਿਊਟੀ ਨਿਭਾਉਣ ਵਿੱਚ ਕਮੀਆਂ ਪਾਈਆਂ ਹਨ। ਇਨ੍ਹਾਂ ਸਾਰੀਆਂ ਗੱਲਾਂ ਦਾ ਨੋਟਿਸ ਲੈਂਦਿਆਂ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸੰਵਿਧਾਨ ਦੀ ਧਾਰਾ 235 ਅਤੇ ਪੰਜਾਬ ਸਿਵਲ ਸਰਵਿਸ ਰੂਲਜ਼ ਦੀਆਂ ਧਾਰਾਵਾਂ ਦੇ ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਸਟਿਸ ਸੰਧਾਵਾਲੀਆ ਨੇ ਰਾਜੀਵ ਗਰਗ ਨੂੰ ਮੁਅੱਤਲ ਕਰ ਦਿੱਤਾ ਹੈ।