Connect with us

Punjab

ਪੰਜਾਬ ‘ਚ ਲੱਗਣਗੇ 10 ਕੰਪਰੈੱਸਡ ਬਾਇਓ ਗੈਸ ਪ੍ਰੋਜੈਕਟ

Published

on

28 ਅਕਤੂਬਰ 2023: ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਨੇ ਰਾਜ ਵਿੱਚ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰਨ ਲਈ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ.ਪੀ.ਸੀ.ਐਲ.) ਨਾਲ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ ਹਨ। ਇਸ ਸਮਝੌਤੇ ‘ਤੇ ਡਾ. ਰਵੀ ਭਗਤ, ਸਕੱਤਰ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੀ ਮੌਜੂਦਗੀ ਵਿੱਚ, ਡਾ. ਅਮਰਪਾਲ ਸਿੰਘ, ਮੁੱਖ ਕਾਰਜਕਾਰੀ ਅਧਿਕਾਰੀ, ਪੇਡਾ ਅਤੇ ਸ਼ੁਵੇਂਦੂ ਗੁਪਤਾ, ਕਾਰਜਕਾਰੀ ਨਿਰਦੇਸ਼ਕ (ਬਾਇਓ-ਇੰਧਨ ਅਤੇ ਨਵਿਆਉਣਯੋਗ), ਐਚਪੀਸੀਐਲ ਨੇ ਹਸਤਾਖਰ ਕੀਤੇ।

600 ਲੋਕਾਂ ਨੂੰ ਸਿੱਧੇ ਅਤੇ 1500 ਨੂੰ ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ
ਗੁਪਤਾ ਨੇ ਕਿਹਾ ਕਿ ਐਚਪੀਸੀਐਲ ਦੁਆਰਾ ਸ਼ੁਰੂ ਵਿੱਚ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਸੀਬੀਜੀ ਪ੍ਰੋਜੈਕਟ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਹੋਰ ਪ੍ਰਾਜੈਕਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਇਨ੍ਹਾਂ 10 ਸੀਬੀਜੀ ਪਲਾਂਟਾਂ ਦੇ ਸ਼ੁਰੂ ਹੋਣ ਨਾਲ ਸਾਲਾਨਾ 35,000 ਟਨ ਤੋਂ ਵੱਧ ਬਾਇਓਗੈਸ ਅਤੇ ਲਗਭਗ 8700 ਟਨ ਜੈਵਿਕ ਖਾਦ ਦੇ ਉਤਪਾਦਨ ਦੇ ਨਾਲ-ਨਾਲ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਆਮਦਨ ਵੀ ਹੋਵੇਗੀ। ਇਨ੍ਹਾਂ ਪ੍ਰੋਜੈਕਟਾਂ ਨਾਲ 600 ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 1500 ਵਿਅਕਤੀਆਂ ਨੂੰ ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ।

ਹੋਰ ਸੀਬੀਜੀ ਉਤਪਾਦਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਿਆ ਹੈ। ਪੰਜਾਬ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਅਧਾਰਤ ਸੀਬੀਜੀ ਪ੍ਰੋਜੈਕਟ ਸਥਾਪਤ ਕਰਨ ਦੀਆਂ ਅਪਾਰ ਸੰਭਾਵਨਾਵਾਂ ਹਨ।

10 ਪ੍ਰੋਜੈਕਟਾਂ ਵਿੱਚ ਪਰਾਲੀ ਦੀ ਬਾਲਣ ਵਜੋਂ ਵਰਤੋਂ
ਸੀ.ਈ.ਓ ਡਾ.ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੇ ਸ਼ੁਰੂ ਹੋਣ ਨਾਲ ਲਗਭਗ 1.10 ਲੱਖ ਏਕੜ ਰਕਬੇ ਵਿੱਚ ਪੈਦਾ ਹੋਈ 2.75 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ, ਜਿਸ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਹ ਪ੍ਰੋਜੈਕਟ ਸਲਾਨਾ ਲਗਭਗ 5.00 ਲੱਖ ਟਨ ਕਾਰਬਨ ਡਾਈਆਕਸਾਈਡ ਅਤੇ ਹੋਰ ਪ੍ਰਦੂਸ਼ਕਾਂ ਦੇ ਨਿਕਾਸ ਨੂੰ ਰੋਕਣਗੇ, ਜੋ ਕਿ ਸਾਲਾਨਾ 83,000 ਰੁੱਖ ਲਗਾਉਣ ਦੇ ਬਰਾਬਰ ਹੈ।