Connect with us

Punjab

12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Published

on

PUNJAB CM BHAGWANT MANN : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 202ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 377 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 202 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,201 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ, 1687 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 377 ਛਾਪੇ ਮਾਰੇ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 412 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।