Corona Virus
ਪਰਵਾਸੀ ਮਜਦੂਰਾਂ ਲਈ ਜ਼ਿਲ੍ਹਾ ਲੁਧਿਆਣਾ ਤੋਂ ਹੁਣ ਰੋਜ਼ਾਨਾ ਜਾਣਗੀਆਂ 12 ਰੇਲਾਂ – ਡਿਪਟੀ ਕਮਿਸ਼ਨਰ
ਹਰੇਕ ਰੇਲ ਦੀ 1600 ਹੋਵੇਗੀ ਸਮਰੱਥਾ – ਡਿਪਟੀ ਕਮਿਸ਼ਨਰ
ਲੁਧਿਆਣਾ, 21 ਮਈ: ਪ੍ਰਵਾਸੀ ਲੋਕਾਂ ਨੂੰ ਉਨ੍ਹਾਂ ਦੇ ਸੂਬਿਆਂ ਵਿੱਚ ਛੱਡਣ ਲਈ ਜ਼ਿਲ੍ਹਾ ਲੁਧਿਆਣਾ ਤੋਂ ਰੇਲਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਰਿਹਾ ਹੈ। ਹੁਣ ਰੋਜ਼ਾਨਾ 12 ਰੇਲਾਂ ਰਵਾਨਾ ਹੋਇਆ ਕਰਨਗੀਆਂ। ਇਹਨਾਂ ਵਿੱਚੋਂ ਕੁਝ ਰੇਲਾਂ ਦੋਰਾਹਾ ਤੋਂ ਵੀ ਜਾਇਆ ਕਰਨਗੀਆਂ। ਹਰੇਕ ਰੇਲ ਦੀ ਸਮਰੱਥਾ 1600 ਹੋਇਆ ਕਰੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਅਗਰਵਾਲ ਨੇ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਤਿਆਰੀਆਂ ਦੀ ਮੀਟਿੰਗ ਦੌਰਾਨ ਦਿੱਤੀ। ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਰੇਲਾਂ ਰਾਹੀਂ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਤੋਂ 1.35 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਸੂਬਿਆਂ ਲਈ ਭੇਜਿਆ ਜਾ ਚੁੱਕਾ ਹੈ। ਪ੍ਰਵਾਸੀਆਂ ਨੂੰ ਲਿਜਾਣ ਲਈ ਪਹਿਲੀ ਰੇਲ 5 ਮਈ, 2020 ਨੂੰ ਲੁਧਿਆਣਾ ਤੋਂ ਰਵਾਨਾ ਹੋਈ ਸੀ।
ਦੱਸਣਯੋਗ ਹੈ ਕਿ ਲੁਧਿਆਣਾ ਤੋਂ ਇਲਾਵਾ ਜਲੰਧਰ, ਪਟਿਆਲਾ, ਅਜੀਤਗੜ (ਮੋਹਾਲੀ), ਸ੍ਰੀ ਅੰਮ੍ਰਿਤਸਰ ਸਾਹਿਬ, ਫਿਰੋਜ਼ਪੁਰ, ਸਰਹਿੰਦ ਅਤੇ ਬਠਿੰਡਾ ਤੋਂ ਵੀ ਰੋਜਾਨਾ ਰੇਲਾਂ ਰਵਾਨਾ ਹੋ ਰਹੀਆਂ ਹਨ। ਹਰੇਕ ਰੇਲ ਵਿੱਚ 1200 ਯਾਤਰੀ ਭੇਜੇ ਜਾ ਰਹੇ ਹਨ। ਲੁਧਿਆਣਾ ਤੋਂ ਹੁਣ ਤੱਕ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਮਨੀਪੁਰ, ਝਾਰਖੰਡ ਅਤੇ ਹੋਰ ਸੂਬਿਆਂ ਲਈ ਰੇਲਾਂ ਰਵਾਨਾ ਹੋਈਆਂ ਹਨ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਤੋਂ 8 ਲੱਖ ਤੋਂ ਵਧੇਰੇ ਪ੍ਰਵਾਸੀ ਲੋਕਾਂ ਵੱਲੋਂ ਆਪਣੇ ਸੂਬੇ ਨੂੰ ਜਾਣ ਲਈ ਆਨਲਾਈਨ ਅਪਲਾਈ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਜਿਆਦਾਤਰ ਲੋਕ ਲੁਧਿਆਣਾ ਤੋਂ ਜਾਣਾ ਨਹੀਂ ਚਾਹੁੰਦੇ ਕਿਉਂਕਿ ਸ਼ਹਿਰ ਵਿੱਚ ਸਨਅਤਾਂ ਮੁੜ ਤੋਂ ਚੱਲ ਪਈਆਂ ਹਨ ਅਤੇ ਲੋਕਾਂ ਨੂੰ ਮੁੜ ਰੋਜ਼ਗਾਰ ਨਾਲ ਜੁੜਨ ਦਾ ਮੌਕਾ ਮਿਲ ਗਿਆ ਹੈ।
ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਗਲੇ ਦਿਨਾਂ ਦੌਰਾਨ ਰੇਲਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਬੱਸਾਂ ਰਾਹੀਂ ਭੇਜਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪ੍ਰਵਾਸੀਆਂ ਦਾ ਰੇਲ ਕਿਰਾਇਆ, ਭੋਜਨ, ਪਾਣੀ, ਰੇਲਵੇ ਸਟੇਸ਼ਨ ਤੱਕ ਪਹੁੰਚਾਉਣ ਦਾ ਸਾਰਾ ਖਰਚਾ ਉਠਾਇਆ ਜਾ ਰਿਹਾ ਹੈ। ਹਰੇਕ ਯਾਤਰੀ ਦੀ ਸਕਰੀਨਿੰਗ ਕਰਨ ਉਪਰੰਤ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ। ਅਗਲੇ ਦਿਨਾਂ ਦੌਰਾਨ ਜਿਆਦਾ ਤੋਂ ਜਿਆਦਾ ਪ੍ਰਵਾਸੀ ਲੋਕਾਂ ਨੂੰ ਭੇਜਣ ਲਈ ਹੋਰ ਰੇਲਾਂ ਚਲਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਕੰਮ ਵਿੱਚ ਬਹੁਤ ਪਾਰਦਰਸ਼ਤਾ ਰੱਖੀ ਜਾ ਰਹੀ ਹੈ। ਯਾਤਰੀਆਂ ਨੂੰ ਦਿੱਤੀ ਜਾਂਦੀ ਮੈਡੀਕਲ ਸਲਿੱਪ ‘ਤੇ ਬਾਰਕੋਡ ਲਗਾਇਆ ਜਾ ਰਿਹਾ ਹੈ। ਯਾਤਰੀਆਂ ਦੀ ਜਦੋਂ ਗੁਰੂ ਨਾਨਕ ਸਟੇਡੀਅਮ ਵਿਖੇ ਸਕਰੀਨਿੰਗ ਹੁੰਦੀ ਹੈ ਅਤੇ ਟਿਕਟ ਜਾਰੀ ਕੀਤੀ ਜਾਂਦੀ ਹੈ ਤਾਂ ਉਸ ਦਾ ਬਾਰਕੋਡ ਸਕੈਨ ਕੀਤਾ ਜਾਂਦਾ ਹੈ।
ਅਗਰਵਾਲ ਨੇ ਇਨ੍ਹਾਂ ਰੇਲਾਂ ਦੀ ਰਵਾਨਗੀ ਲਈ ਵੱਖ-ਵੱਖ ਵਿਭਾਗਾਂ ਅਤੇ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।