Punjab
ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ AAP ਦੇ 2 ਸੰਸਦ ਮੈਂਬਰ ਆਏ ਅੱਗੇ, ਕੀਤਾ ਇਹ ਵੱਡਾ ਐਲਾਨ
ਇਨੀਂ ਦਿਨੀਂ ਪੰਜਾਬ ‘ਚ ਹੜ੍ਹ ਕਾਰਨ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਪੰਜਾਬ ‘ਚ ਆਏ ਹੜ੍ਹ ਕਾਰਨ ਪੀੜਤ ਲੋਕਾਂ ਦੀ ਮਦਦ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅੱਗੇ ਆ ਰਹੇ ਹਨ। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਹੜ੍ਹ ਪੀੜਤ ਪਰਿਵਾਰਾਂ ਲਈ 25 ਲੱਖ ਰੁਪਏ ਦੀ ਸਹਾਇਤਾ ਰਕਮ ਦੇਣ ਦਾ ਐਲਾਨ ਕੀਤਾ ਹੈ। ਇਹ ਰਕਮ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਵਸਤੂਆਂ ਪ੍ਰਦਾਨ ਕਰਨ ਲਈ ਵਰਤੀ ਜਾਵੇਗੀ, ਤਾਂ ਜੋ ਉਹਨਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋ ਸਕਣ।
ਦੂਜੇ ਪਾਸੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਵੀ 20 ਲੱਖ ਰੁਪਏ ਦੀ ਸਹਾਇਤਾ ਰਕਮ ਦਾ ਐਲਾਨ ਕੀਤਾ ਹੈ। ਇਹ ਰਕਮ ਖ਼ਾਸ ਤੌਰ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਫ਼ ਪੀਣ ਵਾਲੇ ਪਾਣੀ ਦੇ ਟੈਂਕਰਾਂ ਦੀ ਉਪਲੱਬਧ ਕਰਵਾਉਣ ਲਈ ਵਰਤੀ ਜਾਵੇਗੀ।
ਦੋਵੇਂ ਸੰਸਦ ਮੈਂਬਰਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਨਾ ਉਹਨਾਂ ਦੀ ਤਰਜੀਹ ਹੈ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਹੋਰ ਸਮਾਜਸੇਵੀ ਸੰਸਥਾਵਾਂ ਅਤੇ ਲੋਕ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣ।
