National
9 ਤੇ 24 ਜੁਲਾਈ ਨੂੰ ਟਰੈਕਟਰ ਮਾਰਚ ਦਾ ਟਿਕੈਤ ਵੱਲੋਂ ਕੀਤਾ ਗਿਆ ਐਲਾਨ, 4 ਲੱਖ ਟਰੈਕਟਰ ਤੇ 25 ਲੱਖ ਕਿਸਾਨ ਦਿੱਲੀ ਵੱਲ ਮਾਰਚ ਲਈ ਤਿਆਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ’ਚ ‘ਖੇਤੀ ਬਚਾਓ, ਲੋਕਤੰਤਰ ਬਚਾਓ’ ਦਿਵਸ ਨੂੰ ਮਿਲੇ ਹੁੰਗਾਰੇ ਪਿੱਛੋਂ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਚਰਚਾ ਹੈ ਕਿ ਇਸ ਸੱਦੇ ਦੀ ਸਫਲਤਾ ਤੋਂ ਬਾਅਦ ਕਿਸਾਨ ਆਉਣ ਵਾਲੇ ਦਿਨਾਂ ਵਿਚ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਸਕਦੇ ਹਨ। ਇਸ ਦੌਰਾਨ ਉਤਰ ਪ੍ਰਦੇਸ਼ ਦੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਭਖਾਉਣ ਬਾਰੇ ਕੁਝ ਐਲਾਨ ਕੀਤੇ ਹਨ। ਰਾਕੇਸ਼ ਟਿਕੈਤ ਨੇ ਅੰਦੋਲਨ ਤੇਜ਼ ਕਰਨ ਲਈ ਅਗਲੇ ਮਹੀਨੇ ਦਿੱਲੀ ਵਿਚ ਦੋ ਟਰੈਕਟਰ ਰੈਲੀਆਂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਗਾਜ਼ੀਪੁਰ ਸਰਹੱਦ ’ਤੇ ਕਿਸਾਨਾਂ ਨਾਲ ਮੀਟਿੰਗ ਕਰਨ ਮਗਰੋਂ ਦੱਸਿਆ ਕਿ 9 ਜੁਲਾਈ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ ਸਿੰਘੂ ਸਰਹੱਦ ਲਈ ਰਵਾਨਾ ਹੋਵੇਗਾ ਅਤੇ ਅਜਿਹੀ ਹੀ ਇਕ ਹੋਰ ਰੈਲੀ 24 ਜੁਲਾਈ ਨੂੰ ਬਿਜਨੌਰ ਤੋਂ ਸ਼ੁਰੂ ਹੋ ਕੇ ਮੇਰਠ ਦੇ ਰਸਤੇ ਗਾਜ਼ੀਪੁਰ ਵੱਲ ਆਵੇਗੀ। ਉਨ੍ਹਾਂ ਕਿਹਾ ਕਿ ਘੱਟੋ ਘੱਟ ਚਾਰ ਲੱਖ ਟਰੈਕਟਰ ਤੇ 25 ਲੱਖ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਜੇ ਕੇਂਦਰ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਹੁੰਦੀ ਹੈ, ਤਾਂ ਮਾਰਚ ਅੱਗੇ ਨਹੀਂ ਵਧਾਇਆ ਜਾਵੇਗਾ।ਉਧਰ, ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਤਾਜ਼ਾ ਬਿਆਨ ਨੂੰ ਭੜਕਾਊ ਤੇ ਆਪਾ ਵਿਰੋਧੀ ਕਰਾਰ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਤੋਮਰ ਇਤਰਾਜ਼ਾਂ ਨੂੰ ਮੁੜ ਸਾਂਝਾ ਕਰਨ ਲਈ ਕਹਿ ਰਹੇ ਹਨ, ਜਦੋਂ ਕਿ ਕਿਸਾਨ ਆਗੂ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਾਨੂੰਨਾਂ ’ਚ ਸੋਧ ਨਹੀਂ ਸਗੋਂ ਉਨ੍ਹਾਂ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕਰਦੇ ਹਨ।