National
ਲੱਦਾਖ ‘ਚ ਬਣਨਗੇ 5 ਨਵੇਂ ਜ਼ਿਲ੍ਹੇ , ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਐਲਾਨ
ਇਕ ਪਾਸੇ ਤਾਂ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਮੋਦੀ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਇਹ ਜਾਣਕਾਰੀ ਦਿੱਤੀ ਹੈ। ਲੱਦਾਖ ਦੇ ਇਹ ਪੰਜ ਨਵੇਂ ਜ਼ਿਲ੍ਹੇ ਹੋਣਗੇ – ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ। ਜ਼ਾਂਸਕਰ ਅਤੇ ਦਰਾਸ ਕਾਰਗਿਲ ਖੇਤਰ ਵਿੱਚ ਹਨ, ਜਦੋਂ ਕਿ ਸ਼ਾਮ, ਨੁਬਰਾ ਅਤੇ ਚਾਂਗਥਾਂਗ ਲੇਹ ਖੇਤਰ ਵਿੱਚ ਹਨ।
ਇਸ ਸਮੇਂ ਲੱਦਾਖ ਖੇਤਰ ਵਿੱਚ ਦੋ ਜ਼ਿਲ੍ਹੇ ਹਨ- ਲੇਹ ਅਤੇ ਕਾਰਗਿਲ। ਗ੍ਰਹਿ ਮੰਤਰਾਲੇ ਦੇ ਫੈਸਲੇ ਤੋਂ ਬਾਅਦ ਹੁਣ ਲੱਦਾਖ ਵਿੱਚ ਕੁੱਲ 7 ਜ਼ਿਲ੍ਹੇ ਹੋ ਗਏ ਹਨ। ਲੰਬੇ ਸਮੇਂ ਤੋਂ ਲੱਦਾਖ ਖੇਤਰ ਵਿੱਚ ਵਾਧੂ ਜ਼ਿਲ੍ਹਿਆਂ ਦੀ ਮੰਗ ਕੀਤੀ ਜਾ ਰਹੀ ਸੀ। ਲੇਹ, ਲੱਦਾਖ ਅਤੇ ਕਾਰਗਿਲ ਡਿਵੀਜ਼ਨਾਂ ਦੀਆਂ ਸਮਾਜਿਕ ਅਤੇ ਸਿਆਸੀ ਜਥੇਬੰਦੀਆਂ ਵਾਰ-ਵਾਰ ਜ਼ਿਲ੍ਹਿਆਂ ਦੀ ਮੰਗ ਕਰ ਰਹੀਆਂ ਸਨ। ਇਸ ਦੇ ਮੱਦੇਨਜ਼ਰ ਅੱਜ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਇਹ ਅਹਿਮ ਫੈਸਲਾ ਆਇਆ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲੱਦਾਖ ਖੇਤਰ ਵਿੱਚ ਜ਼ਿਲ੍ਹਿਆਂ ਦੀ ਗਿਣਤੀ ਵਧਾਈ ਗਈ ਹੈ। ਇਹ ਵੱਡਾ ਫੈਸਲਾ ਸਰਕਾਰੀ ਵਿਵਸਥਾ ਨੂੰ ਸੁਧਾਰਨ ਲਈ ਲਿਆ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ। ਨਵੇਂ ਜ਼ਿਲ੍ਹੇ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਅਸੀਂ ਹਰ ਕੋਨੇ ਵਿਚ ਪ੍ਰਸ਼ਾਸਨ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਲਾਭ ਪਹੁੰਚਾਵਾਂਗੇ। ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਹਰ ਸੰਭਵ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ 5 ਅਗਸਤ 2019 ਨੂੰ ਜੰਮੂ ਅਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਸੀ। ਇਸ ਤੋਂ ਬਾਅਦ ਲੱਦਾਖ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਿਆ। ਦੂਜਾ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਹੈ। ਪੰਜ ਸਾਲ ਪਹਿਲਾਂ ਅੱਜ ਦੇ ਹੀ ਦਿਨ ਉਸ ਵੇਲੇ ਦੇ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਵੀ ਖ਼ਤਮ ਕਰ ਦਿੱਤਾ ਗਿਆ ਸੀ। ਕੇਂਦਰੀ ਸ਼ਾਸਤ ਪ੍ਰਦੇਸ਼ ਹੋਣ ਦੇ ਨਾਤੇ, ਲੱਦਾਖ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਿੱਧੇ ਪ੍ਰਸ਼ਾਸਕੀ ਨਿਯੰਤਰਣ ਅਧੀਨ ਆਉਂਦਾ ਹੈ।