Punjab
ਪੰਜਾਬ ਰੋਡਵੇਜ਼ ‘ਚ MERGE ਹੋਣਗੀਆਂ ਪਨਬਸ ਦੀਆਂ 587 ਬੱਸਾਂ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ, ਟਰਾਂਸਪੋਰਟ ਸਕੱਤਰ ਤੇ ਵਿਭਾਗ ਦੇ ਡਾਇਰੈਕਟਰ ਅਤੇ ਉੱਚ ਅਧਿਕਾਰੀ ਵੀ ਐਕਸ਼ਨ ਕਮੇਟੀ ਵਿੱਚ ਸ਼ਾਮਲ ਹੋਏ। ਐਕਸ਼ਨ ਕਮੇਟੀ ਦੇ ਕਨਵੀਨਰ ਗੁਰਜੀਤ ਸਿੰਘ ਬਰਾੜ ਨੇ ਮੰਤਰੀ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਕਿ ਬਜਟ ਵਿੱਚ ਫੰਡ ਰੱਖਣ, ਰੋਡਵੇਜ਼ ’ਤੇ ਨਵੀਆਂ ਬੱਸਾਂ ਪਾਉਣ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਤਰੱਕੀਆਂ ਅਤੇ ਸਮਾਂ ਸਾਰਣੀ ਵਿੱਚ ਪਾਰਦਰਸ਼ਤਾ ਲਿਆਉਣ ਆਦਿ ਬਾਰੇ ਮੰਤਰੀ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਬੱਸਾਂ ਦੀ ਘਾਟ ਕਾਰਨ ਵਿਭਾਗ ਦਾ ਹਜ਼ਾਰਾਂ ਕਿਲੋਮੀਟਰ ਦਾ ਸਫਰ ਖੁੰਝ ਰਿਹਾ ਹੈ, ਜਿਸ ਦਾ ਸਿੱਧਾ ਫਾਇਦਾ ਪ੍ਰਾਈਵੇਟ ਟਰਾਂਸਪੋਰਟ ਨੂੰ ਹੋ ਰਿਹਾ ਹੈ, ਇਸ ਲਈ ਲੋੜ ਹੈ ਕਿ ਰੋਡਵੇਜ਼ ਦੀਆਂ ਬੱਸਾਂ ਦਾ ਫਲੀਟ ਪੂਰਾ ਕੀਤਾ ਜਾਵੇ।
ਇੰਟਕ ਦੇ ਆਗੂ ਮੰਗਤ ਖਾਨ ਵੱਲੋਂ ਮੌਤ ਦੇ ਕੇਸਾਂ ਸਬੰਧੀ ਰੱਖੀਆਂ ਅਹਿਮ ਮੰਗਾਂ ਦੇ ਸਬੰਧ ਵਿੱਚ ਕਿਹਾ ਗਿਆ ਕਿ ਸਰਕਾਰ ਮੌਤ ਦੇ ਕੇਸਾਂ ਸਬੰਧੀ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਕੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ ਕਰੇ। ਮੁਲਾਜ਼ਮਾਂ ਦੀਆਂ ਸਾਰੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਮੰਤਰੀ ਲਾਲਜੀਤ ਭੁੱਲਰ ਨੇ ਦੱਸਿਆ ਕਿ ਪਨਬੱਸ ਦੀਆਂ 587 ਕਰਜ਼ਾ ਮੁਕਤ ਬੱਸਾਂ ਨੂੰ ਰੋਡਵੇਜ਼ ਨਾਲ ਮਿਲਾਉਣ ਦੀ ਪ੍ਰਕਿਰਿਆ ਅੰਤਿਮ ਪੜਾਅ ‘ਤੇ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਮੌਤ ਦੇ ਕੇਸਾਂ ਨੂੰ ਬਹੁਤ ਤੇਜ਼ੀ ਨਾਲ ਨਿਪਟ ਰਹੀ ਹੈ ਅਤੇ ਤਰੱਕੀਆਂ ‘ਤੇ ਕੰਮ ਕਰ ਰਹੀ ਹੈ।
ਕਨਵੀਨਰ ਗੁਰਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਵਿਭਾਗ ਨੇ ਮੁਲਾਜ਼ਮਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਲਦੀ ਹੀ ਕਮੇਟੀ ਦੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਮੀਟਿੰਗ ਵਿੱਚ ਕਿਰਨਦੀਪ ਢਿੱਲੋਂ, ਰਸ਼ਪਾਲ ਸਿੰਘ, ਸੁਖਪਾਲ ਸਿੰਘ, ਜੱਥੇਬੰਦੀ ਆਗੂ ਜਸਪਾਲ ਸਿੰਘ ਆਦਿ ਹਾਜ਼ਰ ਸਨ।