Connect with us

Punjab

ਘੱਟ ਗਿਣਤੀ ਵਰਗ ਦੀਆਂ ਮੁਸ਼ਕਿਲਾਂ ਨਿਰਧਾਰਿਤ ਸਮੇਂ ਅੰਦਰ ਹੱਲ ਹੋਣ: ਸਾਧੂ ਸਿੰਘ ਧਰਮਸੋਤ

Published

on

  • ਧਰਮਸੋਤ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ

ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਨਿਰਧਾਰਿਤ ਸਮਾਂ-ਸੀਮਾ ਅੰਦਰ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾਂ ਨੂੰ ਨਿਆਂ ਮਿਲਣ ’ਚ ਦੇਰੀ ਨਾ ਹੋਵੇ।

ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਧਰਮਸੋਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ। ਉਨਾਂ ਕਿਹਾ ਕਿ ਅਜੋਕੇ ਸਮੇਂ ਵੀ ਘੱਟ ਗਿਣਤੀਆਂ ’ਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਭਾਵੇਂ ਕਾਨੂੰਨ ਆਪਣਾ ਕਾਰਜ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫੇਰ ਵੀ ਕਰਮਜ਼ੋਰ ਵਰਗਾਂ ਦੇ ਮਸਲੇ ਤਰਜੀਹੀ ਆਧਾਰ ’ਤੇ ਹੱਲ ਕਰਨੇ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ।

ਧਰਮਸੋਤ ਨੇ ਕਮਿਸ਼ਨ ਵੱਲੋਂ ਉਠਾਈਆਂ ਵੱਖ-ਵੱਖ ਮੰਗਾਂ ਅਤੇ ਹੋਰ ਮਸਲਿਆਂ ਨੂੰ ਤਰਜੀਹੀ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਈਮੈਨੂਅਲ ਨਾਹਰ, ਸੀਨੀਅਰ ਵਾਈਸ ਚੇਅਰਮੈਨ ਮੁਹੰਮਦ ਰਫ਼ੀ, ਵਾਈਸ ਚੇਅਰਮੈਨ ਹੰਸ ਰਾਜ, ਕਾਨੂੰਨੀ ਸਲਾਹਕਾਰ ਐਂਜਲੀਨਾ ਬਰਾੜ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।