punjab
ਪੰਜਾਬ ਸਰਕਾਰ ਨੇ 8 ਮਾਰਚ ਨੂੰ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ
ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ 8 ਮਾਰਚ ਨੂੰ ਵਿੱਤੀ ਸਾਲ 2021-22 ਲਈ ਪੰਜਾਬ ਦਾ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ਼ੁੱਕਰਵਾਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਇਜਲਾਸ (ਬਜਟ ਇਜਲਾਸ) ਇਕ ਮਾਰਚ ਤੋਂ 10 ਮਾਰਚ, 2021 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਲਈ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਸਿਫਾਰਸ਼ ਕਰ ਦਿੱਤੀ ਹੈ ਜੋ ਭਾਰਤੀ ਸੰਵਿਧਾਨ ਦੀ ਧਾਰਾ 174 (1) ਦੇ ਤਹਿਤ ਵਿਧਾਨ ਸਭਾ ਦਾ ਇਜਲਾਸ ਸਰਕਾਰੀ ਤੌਰ ‘ਤੇ ਸੱਦਣ ਲਈ ਅਧਿਕਾਰਤ ਹਨ। ਇਜਲਾਸ 1 ਤੋਂ 10 ਮਾਰਚ ਤੱਕ ਸੱਦਣ ਦਾ ਪ੍ਰਸਤਾਵ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ 15ਵੀਂ ਵਿਧਾਨ ਸਭਾ ਦੇ 14ਵੇਂ ਇਜਲਾਸ ਲਈ ਰਾਜਪਾਲ ਦੇ ਭਾਸ਼ਣ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।
ਅਗਲੇ ਵਿੱਤੀ ਸਾਲ ਲਈ ਬਜਟ ਅਨੁਮਾਨ ਪੇਸ਼ ਕਰਨ ਤੋਂ ਇਲਾਵਾ ਸਾਲ 2018-19 ਦੀਆਂ ਭਾਰਤ ਦੇ ਕੰਪਟਰੋਲਰ ਅਤੇ ਅਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ ਤੇ ਵਪਾਰਕ) ਅਤੇ ਸਾਲ 2019-20 ਲਈ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਦੇ ਨਾਲ-ਨਾਲ ਸਾਲ 2019-20 ਲਈ ਨਮਿੱਤਣ ਲੇਖੇ ਦੀਆਂ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਸਾਲ 2020-21 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2020-21 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਸਦਨ ਵਿੱਚ ਪੇਸ਼ ਕੀਤੇ ਜਾਣਗੇ।