punjab
ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਸਾਧੂ ਸਿੰਘ ਧਰਮਸੋਤ
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ‘ਚ ਸਹਾਇਤਾ ਕੀਤੀ ਹੈ। ਸੂਬੇ ਦੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਦੋ ਨੌਜਵਾਨਾਂ ਨੂੰ ਤਰਸ ਦੇ ਆਧਾਰ `ਤੇ ਬਤੌਰ ਕਲਰਕ ਨਿਯੁਕਤੀ ਪੱਤਰ ਸੌਂਪਦਿਆਂ ਇਹ ਪ੍ਰਗਟਾਵਾ ਕੀਤਾ।
ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ‘ਘਰ-ਘਰ ਰੋਜ਼ਗਾਰ’ ਯੋਜਨਾ ਤਹਿਤ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਵਿੱਚ ਸਹਾਇਤਾ ਕੀਤੀ ਹੈ। ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਕਾਰੋਬਾਰ ਸ਼ੁਰੂ ਕਰਨ ਵਿੱਚ ਸਹਾਇਤਾ ਕੀਤੀ ਗਈ ਹੈ। ਸੂਬਾ ਸਰਕਾਰ ਨੇ “ਆਪਣੀਆਂ ਜੜ੍ਹਾਂ ਨਾਲ ਜੁੜੋ” ਸਕੀਮ ਵੀ ਸ਼ੁਰੂ ਕੀਤੀ ਹੈ, ਤਾਂ ਜੋ ਪ੍ਰਵਾਸੀ ਪੰਜਾਬੀ ਨੌਜਵਾਨਾਂ ਨੂੰ ਮੁੜ ਪੰਜਾਬ ਨਾਲ ਜੋੜਿਆ ਜਾ ਸਕੇ।
ਸ. ਧਰਮਸੋਤ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਜਿ਼ੰਮੇਵਾਰੀ ਨਿਭਾਉਣ। ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਚਾਲੂ ਸਾਲ ਦੌਰਾਨ ਲੱਖਾਂ ਨੌਜਵਾਨਾਂ ਨੂੰ ਸਰਕਾਰੀ, ਪ੍ਰਾਈਵੇਟ ਖੇਤਰਾਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੀ ਯੋਜਨਾ ਹੈ। ਇਸ ਮਕਸਦ ਲਈ 22 ਜਿ਼ਲ੍ਹਾ ਪੱਧਰੀ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਵੀ ਕੀਤੀ ਗਈ ਹੈ। ਇਹ ਜਿ਼ਲ੍ਹਾ ਪੱਧਰੀ ਦਫ਼ਤਰ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਸਹਾਇਤਾ ਕਰ ਰਹੇ ਹਨ।