Connect with us

Uncategorized

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਨੇ ਸਿੱਖਿਆ ਦੇ ਖੇਤਰ ‘ਚ ਮੱਲਾਂ ਮਾਰੀਆਂ : ਧਰਮਸੋਤ

Published

on

Dharamsot 1

ਪਟਿਆਲਾ : ਪੰਜਾਬ ਦੇ ਜੰਗਲਾਤ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਉਣ ਦਾ ਮੌਕਾ ਮਿਲਿਆ ਹੈ, ਜਿਸ ਤਹਿਤ ਅੱਜ ਪੰਜਾਬ ਨੂੰ ਆਪਣੀ ਪਹਿਲੀ ਲਾਅ ਯੂਨੀਵਰਸਿਟੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ‘ਤੇ ਸਥਾਪਿਤ ਕਰਨ ਦਾ ਮੌਕਾ ਮਿਲਿਆ ਹੈ।

ਅੱਜ ਪਟਿਆਲਾ ਵਿਖੇ ਇਸ ਸਬੰਧੀਂ ਆਨ ਲਾਈਨ ਸਮਾਗਮ ਵਿੱਚ ਭਾਗ ਲੈਣ ਆਏ ਜੰਗਲਾਤ ਮੰਤਰੀ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨਤਾਰਨ ਦੇ ਪਿੰਡ ਕੈਰੋਂ ਵਿਖੇ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਦੀ ਸ਼ੁਰੂਆਤ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ‘ਚ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕਰਨਾ, ਗੁਰੂ ਸਾਹਿਬ ਨੂੰ ਸਭ ਤੋਂ ਵੱਡਾ ਸਤਿਕਾਰ ਭੇਟ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਕੇ ਉਦਯੋਗ ਵਿਭਾਗ ਦੇ ਜ਼ਿਲ੍ਹਾ ਕੇਂਦਰਾਂ ਤੇ ਫੁਲਕਾਰੀ ਸੈਂਟਰਾਂ ਤੋਂ ਪ੍ਰਾਪਤ ਹੋ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ‘ਤੇ ਪਟਿਆਲਾ ਵਿਖੇ ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੀ ਗੁਰੂ ਸਾਹਿਬ ਨੂੰ ਸਮਰਪਿਤ ਕੀਤੀ ਜਾ ਚੁੱਕੀ ਹੈ।

ਸ. ਧਰਮਸੋਤ ਨੇ ਇਸ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੀ ਇਸ ਆਪਣੀ ਪਲੇਠੀ ਲਾਅ ਯੂਨੀਵਰਸਿਟੀ ਵਿੱਚ ਸੂਬੇ ਦੇ ਐਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਨੂੰ ਕਾਨੂੰਨੀ ਪੜਾਈ ਮੁਫ਼ਤ ਕਰਵਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਗਰੀਬਾਂ ਤੇ ਪੱਛੜੇ ਤਬਕਿਆਂ ਦੇ ਵਿਦਿਆਰਥੀਆਂ ਨੂੰ ਆਪਣੀ ਉਚੇਰੀ ਸਿੱਖਿਆ ਹਾਸਲ ਕਰਨ ‘ਚ ਵੱਡਾ ਹੁਲਾਰਾ ਮਿਲੇਗਾ। 280 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਨਵੀਂ ਯੂਨੀਵਰਸਿਟੀ ਦੀ ਸਥਾਪਨਾ ਨੂੰ ਪੰਜਾਬ ਸਰਕਾਰ ਦਾ ਵੱਡਾ ਮਾਅਰਕਾ ਦੱਸਦਿਆਂ ਸ. ਧਰਮਸੋਤ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਰਹੱਦੀ ਖੇਤਰ ਦੇ ਵਿਕਾਸ ਲਈ ਇੱਕ ਹੋਰ ਮੀਲ ਪੱਥਰ ਸਾਬਤ ਹੋਵੇਗੀ।

ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣਕੇ ਸਾਹਮਣੇ ਆਇਆ ਹੈ, ਕਿਉਂਜੋ ਸਿੱਖਿਆ, ਕੈਪਟਨ ਸਰਕਾਰ ਦੀ ਮੁਢਲੀ ਤਰਜੀਹ ਰਿਹਾ ਹੈ, ਇਸ ਕਰਕੇ ਰਾਜ ‘ਚ ਨਵੀਆਂ ਯੂਨੀਵਰਸਿਟੀਆਂ ਅਤੇ 18 ਨਵੇਂ ਕਾਲਜਾਂ ਦੀ ਸਥਾਪਨਾ ਕੀਤੀ ਗਈ। ਇਸ ਤੋਂ ਇਲਾਵਾ ਦੋ ਦਰਜਨ ਤੋਂ ਵਧੇਰੇ ਆਈ.ਟੀ.ਆਈਜ. ਸਥਾਪਨਾ ਵੀ ਮੁੱਖ ਮੰਤਰੀ ਦਾ ਵੱਡਾ ਉਪਰਾਲਾ ਹੈ।

ਸਮਾਗਮ ‘ਚ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਸ਼ਰਮਾ, ਸ਼ਹਿਰੀ ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਪੰਜਾਬ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਪੰਜਾਬ ਲਾਰਜ ਸਕੇਲ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸੰਤ ਬਾਂਗਾ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਮੰਤਰੀ ਦੇ ਨਿਜੀ ਸਕੱਤਰ ਕਾਬਲ ਸਿੰਘ ਆਦਿ ਵੀ ਮੌਜੂਦ ਸਨ।