Connect with us

punjab

ਪੰਜਾਬੀ ਭਾਸ਼ਾ ਨਾਲ ਸੰਬੰਧਤ ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪਾਸ

Published

on

CM Charanjit Singh Channi

ਮੁੱਖ ਮੰਤਰੀ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੀ ਵਚਨਬੱਧਤਾ ਦੁਹਰਾਈ

ਦਸਵੀਂ ਤੱਕ ਪੰਜਾਬੀ ਪੜ੍ਹਾਉਣੀ ਤੇ ਬੋਰਡਾਂ ਉੱਪਰ ਸਭ ਤੋਂ ਉੱਪਰ ਪੰਜਾਬੀ ਲਿਖਣੀ ਯਕੀਨੀ ਬਣਾਂਵਾਗੇ: ਚਰਨਜੀਤ ਸਿੰਘ ਚੰਨੀ

21 ਜ਼ਿਲਾ ਭਾਸ਼ਾ ਅਫਸਰ ਦੀਆਂ ਅਸਾਮੀਆਂ ਜਲਦ ਭਰਾਂਗੇ, ਰਾਜ ਭਾਸ਼ਾ ਐਕਟ ਨੂੰ ਲਾਗੂ ਕਰਨ ਲਈ ਸੂਬਾ ਪੱਧਰੀ ਬੋਰਡ ਬਣਾਵਾਂਗੇ: ਪਰਗਟ ਸਿੰਘ

ਚੰਡੀਗੜ੍ਹ, ਨਵੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪੇਸ਼ ਕੀਤੇ ਗਏ ਜੋ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ।

ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021 ’ ਪਾਸ ਕੀਤਾ ਗਿਆ।

ਇਸ ਕਦਮ ਨਾਲ ਜੁਰਮਾਨਾ ਰਾਸ਼ੀ 25,000, 50,000 ਅਤੇ ਇਕ ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50,000, ਇਕ ਲੱਖ ਰੁਪਏ ਅਤੇ ਦੋ ਲੱਖ ਰੁਪਏ ਹੋ ਜਾਵੇਗੀ। ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50,000 ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਇੱਕ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਦੋ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ।

ਦੂਜਾ ਬਿੱਲ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021 ਪਾਸ ਕੀਤਾ ਗਿਆ ਜਿਸ ਤਹਿਤ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ਵਿਚ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਜ਼ਾ ਤੋਂ ਇਲਾਵਾ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।ਪਹਿਲੀ ਵਾਰ ਉਲੰਘਣਾ ਕਰਨ ਵਾਲੇ ਕਰਮਚਾਰੀ ਨੂੰ ਸਮਰੱਥ ਅਥਾਰਟੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੰਜ ਸੌ ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ। ਦੂਜੀ ਵਾਰ ਉਲੰਘਣਾ ਕਰਨ ਉਤੇ ਅਜਿਹਾ ਜੁਰਮਾਨਾ ਦੋ ਹਜ਼ਾਰ ਰੁਪਏ ਅਤੇ ਤੀਜੀ ਵਾਰ ਕਰਨ ਉਤੇ ਅਜਿਹਾ ਜੁਰਮਾਨਾ ਪੰਜ ਹਜ਼ਾਰ ਰੁਪਏ ਤੱਕ ਕੀਤਾ ਜਾ ਸਕਦਾ ਹੈ। ਅਜਿਹਾ ਜੁਰਮਾਨਾ ਅਧਿਕਾਰੀ/ਕਰਮਚਾਰੀ ਦੀ ਤਨਖਾਹ ਵਿੱਚੋਂ ਸਬੰਧਤ ਵੰਡ ਤੇ ਖਰਚਣ ਅਧਿਕਾਰੀ ਵਲੋਂ ਵਸੂਲ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬਾ ਸਰਕਾਰ ਦੀ ਪੰਜਾਬੀ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜਿੱਥੇ ਸੂਬੇ ਵਿੱਚ ਸਾਰੇ ਸਕੂਲਾਂ ਵਿੱਚ ਦਸਵੀਂ ਤੱਕ ਪੰਜਾਬੀ ਵਿਸ਼ਾ ਪੜ੍ਹਾਉਣਾ ਲਾਜ਼ਮੀ ਹੋਵੇਗਾ ਉੱਥੇ ਸੂਬੇ ਵਿੱਚ ਸਾਰੇ ਬੋਰਡਾਂ ਉੱਪਰ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਲਿਖਣੀ ਯਕੀਨੀ ਬਣਾਈ ਜਾਵੇਗੀ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਜਿਸ ਨੂੰ ਪ੍ਰਫੁੱਲਿਤ ਕਰਨ ਲਈ ਅਸੀਂ ਹਰ ਸੰਭਵ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ 23 ਵਿੱਚੋਂ 21 ਜ਼ਿਲ੍ਹਿਆਂ ਵਿੱਚ ਜ਼ਿਲਾ ਭਾਸ਼ਾ ਅਫਸਰ ਦੀਆਂ ਅਸਾਮੀਆਂ ਖਾਲੀ ਸਨ ਜਿਨ੍ਹਾਂ ਨੂੰ ਆਉਂਦੇ ਦਿਨਾਂ ਵਿੱਚ ਭਰਿਆ ਜਾ ਰਿਹਾ ਹੈ। ਇਸੇ ਤਰ੍ਹਾਂ ਰਾਜ ਭਾਸ਼ਾ ਐਕਟ ਨੂੰ ਲਾਗੂ ਕਰਨ ਲਈ ਸੂਬਾ ਪੱਧਰੀ ਬੋਰਡ ਜਾਂ ਕਮੇਟੀ ਬਣੇਗੀ। ਇਸੇ ਤਰਜ਼ ਉਤੇ ਜ਼ਿਲਾ ਪੱਧਰ ਉਤੇ ਵੀ ਕਮੇਟੀਆਂ ਬਣਨਗੀਆਂ ਜੋ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਗੀਆਂ।