Punjab
ਬਲਬੀਰ ਸਿੰਘ ਰਾਜੇਵਾਲ ਨੇ ਵੋਟਾਂ ਸਬੰਧੀ ਦਿੱਤਾ ਇਹ ਬਿਆਨ
ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅੱਜ ਲੁਧਿਆਣਾ ਦੀ ਜਾਮਾ ਮਸਜਿਦ ਵਿਖੇ ਪੁੱਜੇ। ਇਸ ਦੌਰਾਨ ਜਿੱਥੇ ਉਨ੍ਹਾਂ ਨੂੰ ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਵੱਲੋਂ ਸਨਮਾਨਿਤ ਕੀਤਾ ਗਿਆ, ਉੱਥੇ ਹੀ ਰਾਜੇਵਾਲ ਨੇ ਸ਼ਾਹੀ ਇਮਾਮ ਦੇ ਪਿਤਾ ਦੀ ਬੀਤੇ ਦਿਨੀਂ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ। ਕਿਸਾਨ ਮੋਰਚੇ ਬਾਰੇ ਗੱਲ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਮੋਰਚਾ ਹਾਲੇ ਮੁਲਤਵੀ ਹੈ, ਖ਼ਤਮ ਨਹੀਂ ਹੋਇਆ।
ਰਾਜੇਵਾਲ ਨੇ ਸਪੱਸ਼ਟ ਕਿਹਾ ਕਿ ਜੋ ਕੋਈ ਵੀ ਪੁਰਾਣੇ ਰੇਟਾਂ ‘ਤੇ ਟੋਲ ਪਲਾਜ਼ਾ ਖੋਲ੍ਹਣਾ ਚਾਹੁੰਦਾ ਹੈ, ਉਹ ਖੋਲ੍ਹ ਸਕਦਾ ਹੈ, ਪਰ ਕਿਸੇ ਨੂੰ ਵੀ ਕੀਮਤਾਂ ਵਧਾ ਕੇ ਟੋਲ ਪਲਾਜ਼ਾ ਨਹੀਂ ਖੋਲ੍ਹਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਰਾਣੀਆਂ ਕੀਮਤਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਕਿਸਾਨ ਟੋਲ ਪਲਾਜ਼ਿਆਂ ’ਤੇ ਧਰਨਾ ਦਿੰਦੇ ਰਹਿਣਗੇ।
ਬਲਬੀਰ ਸਿੰਘ ਰਾਜੇਵਾਲ ਨੂੰ ਜਦੋਂ ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਉਹ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਹੋ ਸਕਦੇ ਹਨ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਅਜਿਹਾ ਕੋਈ ਫੈਸਲਾ ਨਹੀਂ ਲਿਆ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਜਦੋਂ ਰਾਜੇਵਾਲ ਨੂੰ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਹਾਲੇ ਤੱਕ ਕੋਈ ਮੀਟਿੰਗ ਨਹੀਂ ਹੋਈ ਹੈ ।
ਪੱਤਰਕਾਰਾਂ ਵੱਲੋਂ ਰਾਜੇਵਾਲ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਕੀ ਮੁੱਲਾਂਪੁਰ ਵਿੱਚ ਕਿਸਾਨ ਜੱਥੇਬੰਦੀਆਂ ਦੀ ਕੋਈ ਵੱਡੀ ਮੀਟਿੰਗ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਰ ਰੋਜ਼ ਮੀਟਿੰਗ ਹੁੰਦੀ ਹੈ ਪਰ ਉਨ੍ਹਾਂ ਮੀਟਿੰਗ ਦੇ ਏਜੰਡੇ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।