Punjab
ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰ ਐਕਸ-ਗ੍ਰੇਸ਼ੀਆ ਗ੍ਰਾਂਟ ਲਈ ਸਬੰਧਤ ਐਸਡੀਐਮ ਦਫਤਰ ਵਿਖੇ ਅਰਜ਼ੀ ਦੇਣ : ਏ.ਡੀ.ਸੀ.
ਪਟਿਆਲਾ: ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਸਨਮੁੱਖ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ, ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਣੀ ਹੈ। ਇਹ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਪ੍ਰਭਾਵਿਤ ਪਰਿਵਾਰ 50,000 ਰੁਪਏ ਦੀ ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਸਬੰਧਤ ਉਪਮੰਡਲ ਮੈਜਿਸਟਰੇਟ ਦੇ ਦਫਤਰ ਵਿਖੇ ਆਪਣੀਆਂ ਪ੍ਰਤੀਬੇਨਤੀਆਂ ਨਿਰਧਾਰਤ ਪ੍ਰੋਫਾਰਮੇ ਮੁਤਾਬਿਕ ਜਲਦ ਤੋਂ ਜਲਦ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਹ ਪ੍ਰੋਫਾਰਮੇ ਅਤੇ ਨਾਲ ਨੱਥੀ ਹੋਣ ਵਾਲੇ ਦਸਤਾਵੇਜ਼ਾਂ ਦੀ ਲਿਸਟ ਇਨ੍ਹਾਂ ਦਫਤਰਾਂ ਵਿਖੇ ਉਪਲੱਬਧ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਪ੍ਰਾਪਤ ਕਰਨ ਸਬੰਧੀ ਜੇਕਰ ਕਿਸੇ ਵਿਅਕਤੀ ਨੂੰ ਕੋਈ ਇਤਰਾਜ ਜਾਂ ਮੁਸ਼ਕਿਲ ਪੇਸ਼ ਆਉਂਦੀ ਹੋਵੇ ਤਾਂ ਉਹ ਇਸ ਸਬੰਧੀ ਜਿਲ੍ਹਾ ਪੱਧਰ ਤੇ ਗਠਿਤ ਕੀਤੀ ਸ਼ਿਕਾਇਤ ਨਿਵਾਰਣ ਕਮੇਟੀ ਪਾਸ ਆਪਣੀ ਸ਼ਿਕਾਇਤ ਕਰ ਸਕਦਾ ਹੈ ।