Punjab
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਗਵਰਨਿੰਗ ਕੌਂਸਲ ਦੀ ਹੋਈ ਮੀਟਿੰਗ
ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਂਦੀਆਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਸਬੰਧੀ ਸੇਵਾਵਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਠਾ ਸਕਣ। ਉਨ੍ਹਾਂ ਰੋਜ਼ਗਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀ ਇੰਡਸਟਰੀ ‘ਚ ਖਾਲੀ ਪਈਆਂ ਅਸਾਮੀਆਂ ਦੀ ਜਾਣਕਾਰੀ ਰੋਜ਼ਗਾਰ ਬਿਊਰੋ ਨਾਲ ਸਾਂਝੀ ਕਰਨ ਲਈ ਕਿਹਾ ਤਾਂ ਜੋ ਨੌਜਵਾਨਾਂ ਨੂੰ ਇੰਡਸਟਰੀ ‘ਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਰੋਜ਼ਗਾਰ ਬਿਊਰੋ ਵੱਲੋਂ ਲਾਇਬਰੇਰੀ, ਮੁਫ਼ਤ ਇੰਟਰਨੈਟ, ਕਰੀਅਰ ਕੌਂਸਲਿੰਗ ਵਰਗੀਆਂ ਦਿੱਤੀਆਂ ਜਾਂਦੀ ਸਹੂਲਤ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਇਨ੍ਹਾਂ ਦਾ ਪੂਰਾ ਲਾਭ ਉਠਾ ਸਕਣ। ਉਨ੍ਹਾਂ ਰੋਜ਼ਗਾਰ ਬਿਊਰੋ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੀ.ਐਸ.ਡੀ.ਐਮ. ਰਾਹੀਂ ਉਦਯੋਗਾਂ ਤੋਂ ਮੰਗ ਪ੍ਰਾਪਤ ਕਰਕੇ ਵੱਖ ਵੱਖ ਕਿੱਤਿਆਂ ਵਿੱਚ ਸਕਿੱਲ ਕੋਰਸ ਸ਼ੁਰੂ ਕਰਵਾਉਣ, ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕੇ ਅਤੇ ਉਦਯੋਗਾਂ ਨੂੰ ਲੋੜ ਮੁਤਾਬਕ ਕਾਮੇ ਮਿਲ ਸਕਣ।
ਇਸ ਮੌਕੇ ਉਨ੍ਹਾਂ ਇੰਡਸਟਰੀ ਐਸੋਸੀਏਸ਼ਨ ਤੋਂ ਸੁਝਾਅ ਪ੍ਰਾਪਤ ਕੀਤੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਗੱਲਬਾਤ ਕੀਤੀ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਰੋਜ਼ਗਾਰ ਬਿਊਰੋ ਦੇ ਅਧਿਕਾਰੀ ਤੇ ਇੰਡਸਟਰੀ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।