Connect with us

Punjab

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Published

on

ਪਟਿਆਲਾ: ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਪਾਣੀ ਬਚਾਓ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਜਸਵੰਤ ਰਾਏ ਦੇ ਦਿਸ਼ਾ- ਨਿਰਦੇਸ਼ ਅਤੇ ਖੇਤੀਬਾੜੀ ਅਫ਼ਸਰ, ਬਲਾਕ ਭੁੱਨਰਹੇੜੀ ਸ਼ੇਰ ਸਿੰਘ ਦੀ ਅਗਵਾਈ ਹੇਠ ਪਿੰਡ ਸਰੁਸਤੀਗੜ੍ਹ ਵਿਖੇ ਅਗਾਂਹਵਧੂ ਕਿਸਾਨ ਅਜਮੇਰ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ।

ਅਜਮੇਰ ਸਿੰਘ ਸਰੂਸਤੀਗੜ੍ਹ ਪਿਛਲੇ 3 ਸਾਲਾਂ ਤੋਂ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇਂ ਹਨ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਕਿਸਾਨਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾ ਕੇ ਪਾਣੀ ਦੀ ਬਹੁਤ ਬੱਚਤ ਹੁੰਦੀ ਹੈ ਨਾਲ ਹੀ ਲੇਬਰ ਅਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ।

ਖੇਤੀਬਾੜੀ ਵਿਭਾਗ ਅਫ਼ਸਰ ਵਿਮਲਪ੍ਰੀਤ ਸਿੰਘ ਨੇ ਮੌਜੂਦ ਕਿਸਾਨਾਂ ਨੂੰ ਤਰ ਵੱਤਰ ਵਿਧੀ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਵਿਧੀ ਨਾਲ ਰਵਾਇਤੀ ਤਰੀਕੇ ਰਾਹੀਂ ਝੋਨੇ ਦੀ ਕਾਸ਼ਤ ਨਾਲੋਂ 15-20 ਫੀ਼ਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਨਾਲ ਹੀ ਝੋਨੇ ਨੂੰ ਬਿਮਾਰੀਆਂ ਅਤੇ ਕੀੜੇ-ਮਕੌੜੇ ਦੇ ਹਮਲੇ ਵੀ ਘੱਟ ਜਾਂਦੇ ਹਨ। ਕੱਦੂ ਕਰਕੇ ਝੋਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਖਤਮ ਹੁੰਦੀ ਹੈ, ਉੱਥੇ ਹੀ ਅਗਲੀ ਫ਼ਸਲ ਕਣਕ ਵੀ ਪ੍ਰਭਾਵਿਤ ਹੁੰਦੀ ਹੈ।

ਖੇਤੀਬਾੜੀ ਵਿਕਾਸ ਅਫ਼ਸਰ ਲਵਦੀਪ ਸਿੰਘ ਅਤੇ ਉਪ ਨਿਰੀਖਕ ਹਰਮਨ ਜੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਤਰ ਵੱਤਰ ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਇਸ ਵਿਧੀ ਵਿੱਚ ਖੇਤਾਂ ਵਿੱਚ ਪਾਣੀ ਖੜ੍ਹਾ ਰੱਖਣ ਦੀ ਲੋੜ ਨਹੀਂ ਸਗੋਂ ਖੇਤ ਨੂੰ ਸਿਰਫ਼ ਸਿਲਾਂ ਹੀ ਰੱਖਣਾ ਹੈ, ਜਿਸ ਨਾਲ ਪਾਣੀ ਦੀ ਕਾਫ਼ੀ ਬੱਚਤ ਹੁੰਦੀ ਹੈ।