Connect with us

Punjab

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਲੋਨ ਮੇਲਾ 6 ਜੁਲਾਈ ਨੂੰ

Published

on

ਪਟਿਆਲਾ: ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 6 ਜੁਲਾਈ ਨੂੰ ਬਹਾਵਲਪੁਰ ਪੈਲੇਸ ਵਿਖੇ ਲੋਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਲਗਾਏ ਜਾ ਰਹੇ ਇਸ ਲੋਨ ਮੇਲੇ ‘ਚ ਬੈਂਕਾਂ ਸਮੇਤ ਸਰਕਾਰ ਦੇ ਵੱਖ ਵੱਖ ਵਿਭਾਗਾਂ ਵੱਲੋਂ ਲੋਨ ਸਕੀਮਾਂ ਅਤੇ ਸਬਸਿਡੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਬਹਾਵਲਪੁਰ ਪੈਲੇਸ, ਪੁਲਿਸ ਲਾਈਨ ਰੋਡ, ਪਟਿਆਲਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲੱਗਣ ਵਾਲੇ ਲੋਨ ਮੇਲੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ‘ਚ ਲਗਾਏ ਜਾ ਰਹੇ ਲੋਨ ਮੇਲੇ ‘ਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ/ਪ੍ਰਾਈਵੇਟ ਬੈਂਕਾਂ ਅਤੇ ਸਰਕਾਰੀ ਸਵੈ-ਰੋਜ਼ਗਾਰ ਏਜੰਸੀਆਂ, ਅਨੁਸੂਚਿਤ ਜਾਤੀ ਅਤੇ ਵਿੱਤ ਕਾਰਪੋਰੇਸ਼ਨ, ਪਛੜੀ ਜਾਤੀ ਅਤੇ ਵਿੱਤ ਕਾਰਪੋਰੇਸ਼ਨ (ਬੈਂਕਫਿੰਕੋ), ਜ਼ਿਲ੍ਹਾ ਉਦਯੋਗ ਕੇਂਦਰ, ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ, ਡੇਅਰੀ ਵਿਭਾਗ, ਐਨ.ਆਰ.ਐਲ.ਐਮ., ਖਾਦੀ ਬੋਰਡ ਤੇ ਖਾਦੀ ਕਮਿਸ਼ਨ ਵੱਲੋਂ ਭਾਗ ਲਿਆ ਜਾਵੇਗਾ। ਇਨ੍ਹਾਂ ਵਿਭਾਗ ਵੱਲੋਂ ਮੇਲੇ ਵਿੱਚ ਸ਼ਾਮਲ ਹੋਏ ਲੋਨ ਦੇ ਇੱਛੁਕ ਉਮੀਦਵਾਰਾਂ ਨੂੰ ਸਰਕਾਰ ਦੀਆਂ ਲੋਨ ਸਕੀਮਾਂ ਅਤੇ ਸਬਸਿਡੀਆਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਆਰ.ਸੇਟੀ. ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸਕਿੱਲ ਕੋਰਸਾਂ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਲੋਨ ਮੇਲੇ ‘ਚ ਆਰ.ਸੇਟੀ. ਅਤੇ ਐਨ.ਆਰ.ਐਲ.ਐਮ. ਦੇ ਉਮੀਦਵਾਰਾਂ ਵੱਲੋਂ ਹੱਥੀ ਬਣਾਈਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਉਮੀਦਵਾਰਾਂ ਨੂੰ ਸਵੈ-ਰੋਜ਼ਗਾਰ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਵੈ-ਰੋਜ਼ਗਾਰ ਅਪਣਾ ਕੇ ਜਿਥੇ ਉਹ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ ਉਥੇ ਹੀ ਉਨ੍ਹਾਂ ਵੱਲੋਂ ਦੂਜਿਆਂ ਨੂੰ ਵੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਦੇ ਹਨ। ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਲੋਨ ਮੇਲੇ ਵਿੱਚ ਜ਼ਰੂਰੀ ਦਸਤਾਵੇਜ਼ ਲੈ ਕੇ ਪਹੁੰਚਣ ਦੀ ਅਪੀਲ ਕੀਤੀ।