Connect with us

Punjab

ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਹੋਣਗੀਆਂ: ਅਮਨ ਅਰੋੜਾ

Published

on

ਚੰਡੀਗੜ੍ਹ: ਪੰਜਾਬ ਦੇ ਸ਼ਹਿਰੀ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹੀ ਵਾਲੀਆਂ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ-ਸੁਥਰੀਆਂ ਤੇ ਸਮਾਂਬੱਧ ਸੇਵਾਵਾਂ ਵੀ ਮੁਹੱਈਆ ਕਰਵਾਏਗੀ। ਇਹ ਵਿਚਾਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪੁੱਡਾ ਭਵਨ ਵਿਖੇ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਸਾਂਝੇ ਕੀਤੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਉਲੀਕੇ ਜਾਣ ਵਾਲੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਰੋੜਾ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਭਵਿੱਖਮੁਖੀ ਤੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਲਈ ਆਖਿਆ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਾਫ-ਸੁਥਰਾ, ਪਾਰਦਰਸ਼ੀ ਤੇ ਜਵਾਬਦੇਹੀ ਵਾਲਾ ਚੰਗਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕ ਪੱਖੀ ਨੀਤੀਆਂ ਤਿਆਰ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਚੱਲ ਰਹੇ ਪ੍ਰਾਜੈਕਟ ਤੇ ਸਕੀਮਾਂ ਨੂੰ ਤੈਅ ਸਮੇਂ ਮੁਕੰਮਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹਿਰੀ ਲੋਕਾਂ ਦੀ ਖੱਜਲ ਖੁਆਰੀ ਪੂਰਨ ਤੌਰ ‘ਤੇ ਬੰਦ ਕੀਤੀ ਜਾਵੇਗੀ ਅਤੇ ਭ੍ਰਿਸ਼ਟਾਚਾਰ ਤੇ ਗਲਤ ਕੰਮਾਂ ਕਰਨ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਦੀ ਸਮਰੱਥਾ ਅਤੇ ਕਮਜ਼ੋਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਦੀ ਕਾਰਜ ਯੋਜਨਾ ਤਿਆਰ ਕਰਨ ਲਈ ਆਖਿਆ।

ਅਰੋੜਾ ਨੇ ਕਿਹਾ ਕਿ ਆਉਂਦੇ ਸਮੇਂ ਵਿੱਚ ਉਹ ਨਿੱਜੀ ਤੌਰ ਉਤੇ ਵੱਖ-ਵੱਖ ਸ਼ਹਿਰਾਂ ਦੀਆਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਸ਼ਹਿਰੀ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਇਨ੍ਹਾਂ ਮੀਟਿੰਗਾਂ ਦੌਰਾਨ ਸਾਹਮਣੇ ਆਏ ਸੁਝਾਵਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਲਈ ਯੋਜਨਾਵਾਂ ਤੇ ਨੀਤੀਆਂ ਤਿਆਰ ਕਰਨਗੇ।

ਇਸ ਤੋਂ ਪਹਿਲਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ.ਸਿਨਹਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ  ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।