Connect with us

Punjab

ਜਲੰਧਰ ਸ਼ਹਿਰ ਨੂੰ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 526 ਕਰੋੜ ਦੇ ਜਲ ਸਪਲਾਈ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

Published

on

ਚੰਡੀਗੜ: 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਰਹਿੰਦੀ ਆਬਾਦੀ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਜਲੰਧਰ ਸ਼ਹਿਰ ਲਈ 526 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਇਸ ਕਾਰਜ਼ ਦੀ ਪ੍ਰਗਤੀ ਦਾ ਜਾਇਜਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲੰਧਰ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ ਜੋ ਜ਼ਰੂਰੀ ਖਣਿਜ ਪਦਾਰਥਾਂ ਨਾਲ ਵੀ ਭਰਪੂਰ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ਵਿੱਚ ਵੀ ਸੁਧਾਰ ਆਵੇਗਾ ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰ.ੳ. `ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਜਾਣ ਤੋਂ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਵਿਘਨ ਪਾਣੀ ਦੀ ਸਪਲਾਈ ਹੋਣ ਕਾਰਨ ਘਰਾਂ ਵਿਚ ਸਟੋਰੇਜ਼ ਟੈਂਕੀਆਂ ਬਣਾਉਣ ਦੀ ਜ਼ਰੂਰਤ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।

ਉਹਨਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਜਲੰਧਰ ਸ਼ਹਿਰ ਦੇ ਦੋ ਲੱਖ ਘਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਦਸ ਲੱਖ ਲੋਕਾਂ ਨੂੰ ਲਾਭ ਮਿਲੇਗਾ।
ਡਾ ਨਿੱਝਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 275 ਐਮ.ਐਲ.ਡੀ. ਸਮਰੱਥਾ ਵਾਲਾ ਵਾਟਰ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜ ਅੰਡਰ ਗਰਾਊਂਡ ਸਟੋਰੇਜ ਟੈਂਕੀਆਂ ਬਣਾਈਆਂ ਜਾਣਗੀਆਂ ਜਿਸ ਨਾਲ ਜਲੰਧਰ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।