Punjab
ਝੋਨੇ ਦੀ ਸਿੱਧੀ ਬਿਜਾਈ ਤੇ ਪਰਾਲੀ ਦਾ ਸਹੀ ਨਿਪਟਾਰਾ ਕਰਨ ਵਾਲਾ ਦਿਲਬਾਗ ਸਿੰਘ ਹੋਰਨਾਂ ਕਿਸਾਨਾਂ ਲਈ ਬਣਿਆ ਰਾਹ ਦਸੇਰਾ
ਪਟਿਆਲਾ:
ਪਟਿਆਲਾ ਜ਼ਿਲ੍ਹੇ ਦੇ ਪਿੰਡ ਧਰੇੜੀ ਜੱਟਾਂ ਦਾ ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਝੋਨੇ ਦੀ ਸਿੱਧੀ ਬਿਜਾਈ ਤੇ ਪਰਾਲੀ ਦਾ ਸਹੀ ਨਿਪਟਾਰਾ ਕਰਕੇ ਆਪਣੀ ਛੇ ਏਕੜ ਜ਼ਮੀਨ ਵਿੱਚ ਸਫਲਤਾਪੂਰਵਕ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਿਹਾ ਹੈ।
ਆਪਣੇ ਪੰਜ ਸਾਲਾਂ ਦੇ ਖੇਤੀ ਤਜਰਬੇ ਸਾਂਝੇ ਕਰਦਿਆਂ ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਨੇ ਕਿਹਾ ਕਿ ਉਹ ਕਣਕ ਦੀ ਬਿਜਾਈ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕਰਦੇ ਆ ਰਹੇ ਹਨ ਜਿਸ ਨਾਲ ਖੇਤਾਂ ਵਿੱਚ ਖਾਂਦਾ ਦੀ ਵਰਤੋਂ ਘੱਟ ਹੋਣ ਲੱਗੀ ਹੈ ਤੇ ਝਾੜ ‘ਚ ਵਾਧਾ ਹੋਇਆ ਹੈ।
ਸਿੱਖਿਆ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਦਿਲਬਾਗ ਸਿੰਘ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣ ਲਈ ਪ੍ਰੇਰਿਤ ਕੀਤਾ ਹੈ ਤੇ ਆਪਣੇ ਖੇਤਾਂ ਵਿੱਚ ਸਿੱਧੀ ਬਿਜਾਈ ਕਰਕੇ ਤੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਜਾਗਰੂਕ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਉਹ ਛੇ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਉਹ ਖੇਤਾਂ ਵਿੱਚ ਖੜੇ ਕਰਚਿਆਂ ਵਿੱਚ ਛਿੱਟਾ ਦੇ ਕੇ ਕਣਕ ਬੀਜਦੇ ਹਨ ਜਿਸ ਨਾਲ ਕਣਕ ਦੀ ਬਿਜਾਈ ਦਾ ਖਰਚਾ ਵੀ ਘਟਦਾ ਹੈ ਅਤੇ ਤਕਰੀਬਨ ਅੱਧਾ ਥੈਲਾ ਪ੍ਰਤੀ ਏਕੜ ਦੇ ਹਿਸਾਬ ਨਾਲ ਯੂਰੀਏ ਦੀ ਬੱਚਤ ਹੋ ਜਾਂਦੀ ਹੈ ਅਤੇ ਵਾਤਾਵਰਣ ਸਾਫ਼-ਸੁਥਰਾ ਰਹਿਣ ਦੇ ਨਾਲ ਨਾਲ ਮਿੱਤਰ ਕੀੜੇ ਵੀ ਸੁਰੱਖਿਅਤ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਫ਼ਸਲ ਦਾ ਝਾੜ ਵੀ ਚੰਗਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਹ ਹੋਰ ਚਾਰ ਏਕੜਾਂ ਵਿੱਚ ਮਲਚਰ ਰਾਹੀਂ ਪਰਾਲੀ ਦੀ ਸੰਭਾਲ ਕਰਦੇ ਹਨ ਅਤੇ ਸੁਪਰ ਸੀਡਰ ਰਾਹੀਂ ਕਣਕ ਦੀ ਬਿਜਾਈ ਕਰਦੇ ਹਨ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਸਮੇਤ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਪਰਾਲੀ ਦਾ ਸਹੀ ਨਿਪਟਾਰਾ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਹਰੇਕ ਕਿਸਾਨ ਨੂੰ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਪਾਣੀ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਨਵੀਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ/ਫਸਲਾਂ ਦੀ ਹੋਰ ਰਹਿੰਦ ਖੂੰਹਦ ਦਾ ਬਿਨ੍ਹਾਂ ਅੱਗ ਲਗਾਏ ਨਿਪਟਾਰਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏ ਤਰੀਕਿਆਂ ਨੂੰ ਅਪਣਾਕੇ ਪਰਾਲੀ ਦਾ ਨਿਪਟਾਰਾ ਕੀਤਾ ਜਾਵੇ, ਜਿਸ ਨਾਲ ਵਾਤਾਵਰਣ ਪਲੀਤ ਹੋਣ ਤੋਂ ਬਚੇਗਾ ਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਚ ਵਾਧਾ ਹੋਵੇਗਾ।