Punjab
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਪਟਿਆਲਾ:
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਿਸਾਨ ਨੂੰ ਜਾਗਰੂਕ ਕਰਨ ਲਈ ਪਿੰਡ ਖੇੜੀ ਮੁਸਲਮਾਨੀਆ ਵਿਖੇ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕਰਕੇ ਪਰਾਲੀ ਪ੍ਰਬੰਧਨ ਦੀਆਂ ਨਵੀਂਆਂ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਹਰਦੀਪ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਜ਼ਮੀਨ ਵਿਚ ਵਾਹ ਕੇ ਬੀਜੀ ਹੋਈ ਕਣਕ ਵਿਚ ਕੀੜੇ ਤੇ ਬਿਮਾਰੀਆਂ ਤੋਂ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਹਾੜੀ ਦੀ ਫ਼ਸਲ ਬਿਜਣ ਸਮੇਂ ਧਿਆਨ ਦੇਣਯੋਗ ਗੱਲਾਂ ਸਬੰਧੀ ਜਾਗਰੂਕ ਕੀਤਾ।
ਕੈਂਪ ਦੌਰਾਨ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ ਲਈ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਦੀਆਂ ਤਕਨੀਕਾਂ ਬਾਰੇ ਸਾਇੰਸਦਾਨਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਸਮੇਂ ਦੌਰਾਨ ਸੁਆਲ-ਜੁਆਬ ਦਾ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿਚ ਡਾ. ਹਰਦੀਪ ਸਿੰਘ ਨੇ ਕਣਕ ਦੇ ਬੀਜ ਸੋਧ ਦੀ ਮਹੱਤਤਾ ਅਤੇ ਸੋਧਣ ਸਮੇਂ ਧਿਆਨ ਦੇਣ ਯੋਗ ਗੱਲਾਂ ਬਾਰੇ ਦੱਸਿਆ। ਇਸ ਮੌਕੇ ਪਿੰਡ ਦੇ ਅਗਾਂਹਵਧੂ ਕਿਸਾਨ ਨਿਰਵੈਰ ਸਿੰਘ ਨੇ ਆਏ ਹੋਏ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਪਰਾਲੀ ਨਾ ਸਾੜਨ ਦੀ ਪੁਰਜ਼ੋਰ ਅਪੀਲ ਵੀ ਕੀਤੀ।