Punjab
ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਵਿਭਾਗ ਦੇ ਫੋਟੋ ਤੇ ਸਿਨੇਮਾ ਅਫ਼ਸਰ ਜੋਗਿੰਦਰ ਪਾਲ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਫੋਟੋ ਤੇ ਸਿਨੇਮਾ ਅਫ਼ਸਰ ਜੋਗਿੰਦਰ ਪਾਲ (52) ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਅਚਾਨਕ ਬੇਚੈਨੀ ਮਹਿਸੂਸ ਹੋਣ ਉਤੇ ਉਨ੍ਹਾਂ ਨੂੰ ਕੱਲ੍ਹ ਐਸ.ਏ.ਐਸ. ਨਗਰ (ਮੋਹਾਲੀ) ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਰਾਤ ਨੂੰ ਉਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਦੇ ਪਰਿਵਾਰ ਵਿੱਚ ਮਾਤਾ-ਪਿਤਾ, ਪਤਨੀ, ਇਕ ਪੁੱਤਰ ਤੇ ਧੀ ਸ਼ਾਮਲ ਹਨ। ਜੋਗਿੰਦਰ ਪਾਲ 8 ਜੁਲਾਈ, 1993 ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਜੂਨੀਅਰ ਫੋਟੋਗ੍ਰਾਫਰ ਭਰਤੀ ਹੋਏ ਸਨ।
ਅਰੋੜਾ ਨੇ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਵਿਭਾਗ ਦੇ ਮਿਹਨਤੀ ਅਤੇ ਸੁਹਿਰਦ ਅਧਿਕਾਰੀ ਸਨ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖ਼ਸ਼ਣ।
ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਨੇ ਵੀ ਜੋਗਿੰਦਰ ਪਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।