Punjab
ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ ਹਨ ਜਿਹਨਾਂ ਦੀ ਖੁਸ਼ਹਾਲੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੈਕਟਰ-39 ਦੇ ਅਨਾਜ ਭਵਨ ਵਿਖੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਪ੍ਰਗਟ ਕੀਤੇ।
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਜਿੱਥੋਂ ਤੱਕ ਐਸ.ਓ.ਆਰ. ਦਰਾਂ ਵਿੱਚ ਵਾਧਾ ਕੀਤੇ ਜਾਣ ਦਾ ਸਬੰਧ ਹੈ ਤਾਂ ਇਸ ਸਬੰਧੀ ਇਕ ਤਜਵੀਜ਼ ਤਿਆਰ ਕਰਕੇ ਐਫ.ਸੀ.ਆਈ. ਨੂੰ ਭੇਜੀ ਜਾਵੇਗੀ ਅਤੇ ਲੋੜ ਪੈਣ ਉੱਤੇ ਐਫ.ਸੀ.ਆਈ. ਅਧਿਕਾਰੀਆਂ ਨਾਲ ਨਿੱਜੀ ਤੌਰ ਉੱਤੇ ਵੀ ਇਹ ਮੁੱਦਾ ਚੁੱਕਿਆ ਜਾਵੇਗਾ। ਇਸ ਮੌਕੇ ਮੰਤਰੀ ਨੇ ਵਿਭਾਗ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੱਲੇਦਾਰਾਂ ਦੇ ਬਕਾਏ ਅਦਾ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਆਗੂਆਂ ਵੱਲੋਂ ਰੱਖੀਆਂ ਗਈਆਂ ਹੋਰ ਮੰਗਾਂ ਜਿਵੇਂ ਕਿ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ, ਅਦਾਇਗੀਆਂ ਸਿੱਧੇ ਤੌਰ ਉੱਤੇ ਪੱਲੇਦਾਰਾਂ ਨੂੰ ਕੀਤੇ ਜਾਣ, ਸਕਿਉਰਿਟੀ ਦੀ ਥਾਂ ਬਾਂਡ ਲਏ ਜਾਣ ਅਤੇ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਨੂੰ ਵਰਤੇ ਜਾਣ ਸਬੰਧੀ ਕਟਾਰੂਚੱਕ ਨੇ ਉਸਾਰੂ ਰਵੱਈਆ ਅਪਣਾਉਂਦੇ ਹੋਏ ਇਹਨਾਂ ਉੱਤੇ ਪੂਰੀ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਉਹਨਾਂ ਇਸ ਮੌਕੇ ਇਸ ਪੱਖ ਉੱਤੇ ਵੀ ਜ਼ੋਰ ਦਿੱਤਾ ਕਿ ਪੱਲੇਦਾਰਾਂ ਦੀ ਭਲਾਈ ਹਿੱਤ ਕਾਇਮ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪੱਲੇਦਾਰਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਪਨਗ੍ਰੇਨ ਦੇ ਏ.ਐਮ.ਡੀ. ਪਰਮਪਾਲ ਕੌਰ ਸਿੱਧੂ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਸਨ।