Punjab
ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ:
ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਪਿੰਡਾਂ ‘ਚ 19 ਲੱਖ 44 ਹਜ਼ਾਰ ਪੌਦੇ ਲਗਾਏ ਹਨ।
ਧਾਲੀਵਾਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਹੁਣ ਤੱਕ 19 ਲੱਖ 44 ਹਜ਼ਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਫ਼ਲ ਤੇ ਫੁੱਲਦਾਰ ਪੌਦੇ ਲਗਾਏ ਗਏ ਹਨ, ਉੱਥੇ ਹੀ 1 ਲੱਖ 2 ਹਜ਼ਾਰ ਮੋਰਿੰਗਾ ਔਸ਼ਧੀ ਪੌਦੇ ਵੀ ਲਗਾਏ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਅਤੇ ਜੰਗਲਾਤ ਵਿਭਾਗ ਦੇ ਤਾਲਮੇਲ ਨਾਲ ਕੁੱਲ 170 ਨਰਸਰੀਆਂ ਤਿਆਰ ਕੀਤੀਆਂ ਗਈਆਂ ਤਾਂ ਜੋ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ ਅਤੇ ਪੌਦਿਆਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਮੀਆਂਵਾਕੀ ਤਕਨੀਕ ਦੇ ਆਧਾਰ ‘ਤੇ ਮਿੰਨੀ ਜੰਗਲਾਂ ਦੇ ਨਿਰਮਾਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਹੀ ਇਹ ਪ੍ਰਾਜੈਕਟ ਪੰਜਾਬ ਦੇ ਵਾਤਾਵਰਣ ਨੂੰ ਸਾਫ-ਸੁਥਰਾ ਤੇ ਸਵੱਛ ਰੱਖਣ ‘ਚ ਵੀ ਸਹਾਈ ਹੋਵੇਗਾ।
ਧਾਲੀਵਾਲ ਨੇ ਅੱਗੇ ਦੱਸਿਆ ਕਿ ਮਗਨਰੇਗਾ ਸਕੀਮ ਪੰਜਾਬ ਦੇ ਪੇਂਡੂ ਕਿਰਤੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਤੀ ਸਾਲ ਦੌਰਾਨ ਮਗਨਰੇਗਾ ਸਕੀਮ ਤਹਿਤ ਕੁੱਲ 1065 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਦੱਸਿਆ ਕਿ ਚਾਲੂ ਵਿਤੀ ਸਾਲ 2022-2023 ਦੌਰਾਨ ਕੁੱਲ 7 ਲੱਖ 85 ਹਜ਼ਾਰ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਅਤੇ 2 ਕਰੋੜ, 65 ਲੱਖ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਵਿਤੀ ਸਾਲ ਦੌਰਾਨ ਮਗਨਰੇਗਾ ਸਕੀਮ ਤਹਿਤ 83 ਹਜ਼ਾਰ 312 ਨਵੇਂ ਜੌਬ ਕਾਰਡ ਬਣਾਏ ਗਏ ਹਨ ਤਾਂ ਜੋ ਕਿ ਵੱਧ ਤੋਂ ਵੱਧ ਪੇਂਡੂ ਪਰਿਵਾਰਾਂ ਤੱਕ ਇਸ ਸਕੀਮ ਦਾ ਲਾਭ ਪਹੁੰਚਾਇਆ ਜਾ ਸਕੇ।