Punjab
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਮਾਨਸਾ:
ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਉਦਘਾਟਨ ਕੀਤਾ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ 38 ਆਂਗਣਵਾੜੀ ਸੈਂਟਰਾਂ ਦਾ ਨਵੀਨੀਕਰਨ ਕਰਕੇ ਸਮਾਰਟ ਆਂਗਣਵਾੜੀ ਸੈਂਟਰ ਬਣਾਏ ਗਏ ਹਨ ਅਤੇ 31 ਹੋਰ ਆਂਗਨਵਾੜੀ ਸੈਂਟਰਾਂ ਦਾ ਨਵੀਨੀਕਰਨ ਕਰਕੇ ਸਮਾਰਟ ਆਂਗਨਵਾੜੀ ਸੈਂਟਰ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 100 ਆਂਗਨਵਾੜੀ ਸੈਂਟਰਾਂ ਦਾ ਪ੍ਰਤੀ ਆਂਗਨਵਾੜੀ ਸੈਂਟਰ 3.5 ਲੱਖ ਤੋਂ 4 ਲੱਖ ਦੇ ਕਰੀਬ ਖ਼ਰਚ ਕਰਕੇ ਨਵੀਨੀਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾ ਸਮਾਰਟ ਆਂਗਨਵਾੜੀ ਸੈਂਟਰਾਂ ਵਿਚ ਸੋਲਰ ਪੈਨਲ, ਇਨਵਰਟਰ, ਵਾਟਰ ਪਿਊਰੀਫਾਈ, ਐਲ.ਈ.ਡੀ. ਟੀ.ਵੀਂ ਤੋਂ ਇਲਾਵਾ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਸਹੂਲਤਾ ਮੁਹੱਈਆ ਕਰਵਾਈਆਂ ਗਈਆਂ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਰਮਦਿੱਤਾ ਕੈਂਚੀਆਂ, ਸਿਰਸਾ ਰੋਡ ਮਾਨਸਾ ਵਿਖੇ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ 72 ਬਜ਼ੁਰਗਾਂ ਦੇ ਰਹਿਣ ਦੀ ਸਮਰੱਥਾ ਵਾਲੇ ਬਿਰਧ ਘਰ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਿਰਧ ਘਰ ਦੀ ਉਸਾਰੀ ਲਈ ਗ੍ਰਾਂਟ ਅਗਲੇ ਕੁਝ ਦਿਨਾਂ ਵਿਚ ਜਾਰੀ ਕਰ ਦਿੱਤੀ ਜਾਵੇਗੀ, ਜਿਸ ਨਾਲ ਇਮਾਰਤ ਦਾ ਸਮੁੱਚਾ ਕੰਮ ਮੁਕੰਮਲ ਹੋ ਜਾਵੇਗਾ।
ਉਨ੍ਹਾਂ ਦੱਸਿਆ ਕਿ ਬਿਰਧ ਘਰ ਵਿਚ ਬਜ਼ੁਰਗਾਂ ਦੀ ਦੇਖਭਾਲ ਦੇ ਨਾਲ ਨਾਲ ਉਨ੍ਹਾਂ ਨੂੰ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ, ਬਾਗ਼ਬਾਨੀ ਅਤੇ ਜਿੰਮ ਦੀ ਮੁਫ਼ਤ ਸੁਵਿਧਾ ਪ੍ਰਦਾਨ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।
ਇਸ ਮੌਕੇ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਬੁਢਲਾਡਾ ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ ਅਤੇ ਸਹਾਇਕ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੱਸਲ ਵੀ ਮੌਜੂਦ ਸਨ।