Connect with us

Punjab

ਮੁੰਬਈ ਵਿਖੇ ਮੁੱਖ ਮੰਤਰੀ ਦੀ ਕਾਰੋਬਾਰੀਆਂ ਨਾਲ ਮੁਲਾਕਾਤ ਨੂੰ ਭਰਵਾਂ ਹੁੰਗਾਰਾ

Published

on

ਮੁੰਬਈ/ਚੰਡੀਗੜ੍ਹ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਆਪਣੇ ਮੁੰਬਈ ਦੌਰੇ ਦੌਰਾਨ ਗੋਦਰੇਜ, ਹਿੰਦੁਸਤਾਨ ਯੂਨੀਲਿਵਰ, ਮਫ਼ਤਲਾਲ ਗਰੁੱਪ, ਮਹਿੰਦਰਾ ਐਂਡ ਮਹਿੰਦਰਾ, ਜਿੰਦਲ ਸਟੀਲਜ਼ ਅਤੇ ਹੋਰਾਂ ਸਨਅਤਕਾਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਨੂੰ ਇਨ੍ਹਾਂ ਉਦਯੋਗਿਕ ਇਕਾਈਆਂ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦੇ ਹੋਏ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ।

ਭਗਵੰਤ ਮਾਨ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਸ਼ਾਂਤੀ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਸੁਮੇਲ ਵਾਲੀਆਂ ਸੂਬਾ ਸਰਕਾਰ ਦੀਆਂ ਨੀਤੀਆਂ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ਼ ਧੋਖਾ ਤੇ ਛਲਾਵਾ ਸੀ ਤੇ ਇਸ ਦਾ ਕੋਈ ਸਾਰਥਕ ਮਨੋਰਥ ਨਹੀਂ ਸੀ ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ਼ ਕਰਨ ਦੇ ਇੱਛੁਕ ਉੱਦਮੀਆਂ ਲਈ ਸਹੀ ਮਾਅਨਿਆਂ ਵਿਚ ਸਹੂਲਤ ਵਜੋਂ ਕੰਮ ਕਰੇ।

ਹਿੰਦੁਸਤਾਨ ਯੂਨੀਲਿਵਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨਾਭਾ ਵਿਖੇ ਸਥਾਪਤ ਟੋਮਾਟੋ ਕੈਚੱਪ ਦੇ ਪਲਾਂਟ ਦਾ ਵਿਸਥਾਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਪੰਜਾਬ ਵਿੱਚ ਟਮਾਟਰਾਂ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕਰੇਗੀ ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ। ਕੰਪਨੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ਵਿੱਚ ਆਪਣੀ ਯੂਨਿਟ ਸਥਾਪਤ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣਗੇ।

ਮੁੱਖ ਮੰਤਰੀ ਨੇ ਸਿਹਤ ਜਾਂਚ ਤੇ ਸੰਭਾਲ ਬਾਰੇ ਲੈਬਾਰਟਰੀਆਂ ਦੀ ਭਾਰਤੀ ਬਹੁ-ਰਾਸ਼ਟਰੀ ਕੰਪਨੀ ਥਾਈਰੋਕੇਅਰ ਦੇ ਵਫ਼ਦ ਨਾਲ ਵੀ ਵਿਸਥਾਰ ਵਿਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਕੰਪਨੀ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਲੈਬਾਰਟਰੀਆਂ ਸਥਾਪਤ ਕਰਨ ਦਾ ਸੱਦਾ ਵੀ ਦਿੱਤਾ ਤਾਂ ਜੋ ਲੋਕਾਂ ਨੂੰ ਸਹੂਲਤ ਪਹੁੰਚਾਈ ਜਾ ਸਕੇ।

ਮਫ਼ਤਲਾਲ ਗਰੁੱਪ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿਸ਼ਵ ਭਰ ਵਿੱਚ ਸਭ ਤੋਂ ਵਧੀਆ ਕਪਾਹ ਪੈਦਾ ਕਰਦੀ ਹੈ ਜਿਸ ਨੂੰ ਉੱਤਮ ਦਰਜੇ ਦਾ ਕੱਪੜਾ ਬਣਾਉਣ ਲਈ ਕੱਚੇ ਮਾਲ ਵਜੋਂ ਵਰਤਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਕਿਹਾ ਕਿਉਂਕਿ ਸੂਬੇ ਵਿੱਚ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ।

ਮਹਿੰਦਰਾ ਐਂਡ ਮਹਿੰਦਰਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟਾ ਖੇਤਰ ਖਾਸ ਕਰਕੇ ਰਣਜੀਤ ਸਾਗਰ ਡੈਮ, ਚੋਹਾਲ ਡੈਮ ਅਤੇ ਹੋਰਾਂ ਪ੍ਰਾਜੈਕਟਾਂ ਦੇ ਆਸ-ਪਾਸ ਵੱਡੀਆਂ ਸੰਭਾਵਨਾਵਾਂ ਹਨ। ਕੰਪਨੀ ਨੇ ਸੂਬੇ ਵਿੱਚ ਕਲੱਬ ਮਹਿੰਦਰਾ ਰਿਜ਼ੌਰਟ ਦੀ ਆਪਣੀ ਚੇਨ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਮੁੱਖ ਮੰਤਰੀ ਨੂੰ ਲਾਲੜੂ ਵਿਖੇ ਸਵਰਾਜ ਟਰੈਕਟਰਜ਼ ਦੇ ਅੱਪਗਰੇਡ ਕੀਤੇ ਪਲਾਂਟ ਦੇ ਉਦਘਾਟਨ ਲਈ ਵੀ ਸੱਦਾ ਦਿੱਤਾ।

ਕੋਟਕ ਮਹਿੰਦਰਾ ਬੈਂਕ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਬੈਂਕਿੰਗ ਖੇਤਰ ਦੇ ਵਿਸਥਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਉਨ੍ਹਾਂ ਦਾ ਕਾਰੋਬਾਰ ਸਥਾਪਤ ਕਰਨ ਲਈ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

ਇਸ ਦੌਰਾਨ ਲੌਜਿਸਟਿਕ ਕੰਪਨੀ ਹਿੰਦ ਟਰਮੀਨਲਜ਼ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਸੈਕਟਰ ਦੇ ਵਿਕਾਸ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਨੇ ਕਿਲ੍ਹਾ ਰਾਏਪੁਰ ਵਿੱਚ ਆਪਣੇ ਯੂਨਿਟ ਦੇ ਵਿਸਥਾਰ ਲਈ ਕੰਪਨੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੌਜਿਸਟਿਕ ਪਾਰਕ ਨੂੰ ਹੁਲਾਰਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਗੋਦਰੇਜ ਗਰੁੱਪ ਨਾਲ ਵੀ ਵਿਸਥਾਰ ਵਿਚ ਗੱਲਬਾਤ ਕੀਤੀ ਜਿਨ੍ਹਾਂ ਨੇ ਬਾਅਦ ਦੁਪਹਿਰ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਗਰੁੱਪ ਨੂੰ ਖੇਤੀਬਾੜੀ ਸੈਕਟਰ ਵਿਚ ਨਿਵੇਸ਼ ਕਰਨ ਲਈ ਆਖਿਆ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਗਰੁੱਪ ਨੂੰ ਰੀਅਲ ਸੈਕਟਰ ਵਿਚ ਵੀ ਵਿਸਥਾਰ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ।

ਜਿੰਦਲ ਸਟੀਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿਚ ਨਿਵੇਸ਼ ਲਈ ਆਖਿਆ ਕਿਉਂ ਜੋ ਸੂਬੇ ਵਿਚ ਵਿਕਾਸ ਤੇ ਤਰੱਕੀ ਦੇ ਅਸੀਮ ਮੌਕੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਰਪਲੱਸ ਵਿਚ ਸੂਬਾ ਅੱਗੇ ਵਧ ਰਿਹਾ ਹੈ ਜੋ ਉਦਯੋਗਿਕ ਤਰੱਕੀ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤਰੱਕੀ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ‘ਨਿਵੇਸ਼ ਪੰਜਾਬ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸੰਮੇਲਨ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਵਿਚ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਉਦਯੋਗਿਕ ਵਿਕਾਸ ਦੇ ਖੇਤਰ ਵਿਚ ਪੰਜਾਬ ਸਫਲਤਾ ਦਾ ਨਵਾਂ ਇਤਿਹਾਸ ਸਿਰਜੇਗਾ।