Punjab
ਕੋਟਕਪੂਰਾ ਗੋਲੀ ਕਾਂਡ: ਲੋਕ 10 ਫਰਵਰੀ ਜਾਂ 14 ਫਰਵਰੀ ਨੂੰ ਐਸ.ਆਈ.ਟੀ. ਦੇ ਮੁਖੀ ਕੋਲ ਉਨ੍ਹਾਂ ਦੇ ਦਫ਼ਤਰ ਵਿਖੇ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ
ਚੰਡੀਗੜ੍ਹ:
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ ‘ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ ‘ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ ‘ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ।
ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase@gmail.com ‘ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ ‘ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।
ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ।