Punjab
ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
ਚੰਡੀਗੜ੍ਹ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ, ਜ਼ਿਲ੍ਹਾ ਤਰਨਤਾਰਨ ਵਿੱਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ, ਜਿਲਾ ਤਰਨਤਾਰਨ ਨੂੰ ਉਸ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਸਕੱਤਰ ਖਿਲਾਫ਼ ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨਾਂ ਅੱਗੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਇਸ ਬਾਰੇ ਸਾਲਾਂ ਦੀ ਮਿਥੀ ਹੋਈ ਮਿਆਦ ਦੌਰਾਨ ਉਸਦੀ ਕੁੱਲ ਆਮਦਨ 47,65,188 ਰੁਪਏ ਸੀ ਅਤੇ ਕੁੱਲ ਖਰਚਾ 1,06,98,926 ਰੁਪਏ ਪਾਇਆ ਗਿਆ। ਇਸ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਚੈਕ ਪੀਰੀਅਡ ਦੌਰਾਨ ਪ੍ਰਾਪਤ ਹੋਈ ਆਮਦਨ ਦੇ ਮੁਕਾਬਲੇ ਮੁਲਜ਼ਮ ਵੱਲੋਂ ਕੀਤੇ ਗਏ ਕੁੱਲ ਖਰਚੇ ਵਿੱਚ 59,33,738 ਰੁਪਏ ਦਾ ਵੱਧ ਖਰਚਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹਰਦਿਆਲ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਗਈ ਹੈ।