National
ਪੱਤਰਕਾਰ ਨਾਲ ਬਦਸਲੂਕੀ ਮਾਮਲਾ ‘ਚ ਮੁੰਬਈ ਹਾਈ ਕੋਰਟ ਨੇ ਅਦਾਕਾਰ ਸਲਮਾਨ ਖਾਨ ਨੂੰ ਦਿੱਤੀ ਰਾਹਤ
ਮੁੰਬਈ ਹਾਈ ਕੋਰਟ ਨੇ ਅਦਾਕਾਰ ਸਲਮਾਨ ਖਾਨ ਨੂੰ ਵੱਡੀ ਰਾਹਤ ਦਿੱਤੀ ਹੈ। ਬਾਂਬੇ ਹਾਈ ਕੋਰਟ ਨੇ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਦੇ ਖਿਲਾਫ 2019 ਵਿੱਚ ਇੱਕ ਪੱਤਰਕਾਰ ਦੁਆਰਾ ਦਾਇਰ ਕੀਤੀ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ। ਪੱਤਰਕਾਰ ਨੇ ਅਦਾਕਾਰ ਅਤੇ ਉਸ ਦੇ ਬਾਡੀਗਾਰਡ ‘ਤੇ ਉਸ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਲਗਾਇਆ ਸੀ। ਜਸਟਿਸ ਭਾਰਤੀ ਡਾਂਗਰੇ ਦੀ ਸਿੰਗਲ ਬੈਂਚ ਨੇ ਕਿਹਾ ਕਿ ਸਲਮਾਨ ਅਤੇ ਉਸ ਦੇ ਬਾਡੀਗਾਰਡ ਨਵਾਜ਼ ਸ਼ੇਖ ਵੱਲੋਂ ਦਾਇਰ ਅਰਜ਼ੀਆਂ ਦੀ ਇਜਾਜ਼ਤ ਹੈ।
ਹਾਈ ਕੋਰਟ ਨੇ ਪਿਛਲੇ ਸਾਲ ਹੇਠਲੀ ਅਦਾਲਤ ਵੱਲੋਂ ਸਲਮਾਨ ਅਤੇ ਸ਼ੇਖ ਨੂੰ ਜਾਰੀ ਕੀਤੇ ਸੰਮਨ ਨੂੰ ਵੀ ਰੱਦ ਕਰ ਦਿੱਤਾ ਸੀ। ਮੈਜਿਸਟ੍ਰੇਟ ਅਦਾਲਤ ਨੇ ਮਾਰਚ 2022 ‘ਚ ਸਲਮਾਨ ਅਤੇ ਸ਼ੇਖ ਨੂੰ ਸੰਮਨ ਜਾਰੀ ਕਰਕੇ 5 ਅਪ੍ਰੈਲ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਪੱਤਰਕਾਰ ਅਸ਼ੋਕ ਪਾਂਡੇ ਨੇ ਅਪ੍ਰੈਲ 2019 ‘ਚ ਦੋਸ਼ ਲਗਾਇਆ ਸੀ ਕਿ ਸਲਮਾਨ ਅਤੇ ਉਨ੍ਹਾਂ ਦੇ ਬਾਡੀਗਾਰਡ ਨਵਾਜ਼ ਸ਼ੇਖ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਕੁੱਟਮਾਰ ਕੀਤੀ। ਉਸ ਨੇ ਅੰਧੇਰੀ ਮੈਜਿਸਟ੍ਰੇਟ ਅਦਾਲਤ ਵਿੱਚ ਕੇਸ ਦਾਇਰ ਕਰਕੇ ਦੋਵਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਦੀ ਬੇਨਤੀ ਕੀਤੀ ਸੀ। ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਮੈਜਿਸਟ੍ਰੇਟ ਅਦਾਲਤ ਨੇ ਸੰਮਨ ਜਾਰੀ ਕੀਤੇ ਸਨ। ਇਸ ਤੋਂ ਬਾਅਦ ਸਲਮਾਨ ਨੇ ਪਿਛਲੇ ਸਾਲ ਅਪ੍ਰੈਲ ‘ਚ ਸੰਮਨ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। 5 ਅਪ੍ਰੈਲ 2022 ਨੂੰ ਅਦਾਲਤ ਨੇ ਸਲਮਾਨ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੰਮਨ ‘ਤੇ ਰੋਕ ਲਗਾ ਦਿੱਤੀ ਸੀ। ਸ਼ੇਖ ਨੇ ਵੀ ਅਜਿਹੀ ਹੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਾਰੀ ਸੰਮਨ ‘ਤੇ ਵੀ ਰੋਕ ਲਗਾ ਦਿੱਤੀ ਗਈ ਸੀ।