Connect with us

Punjab

ASI ਤੇ ਹੌਲਦਾਰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Published

on

VIGILANCE BUREAU

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਆਤਮਾ ਸਿੰਘ ਵਾਸੀ ਸਾਇਆਂ ਕਲਾਂ ਜ਼ਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗਿ੍ਫਤਾਰ ਕੀਤਾ ਹੈ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀਆਂ ਨੇ ਐਨ.ਡੀ.ਪੀ.ਐਸ. ਕੇਸ ਵਿੱਚ ਗਿ੍ਰਫਤਾਰ ਕੀਤੇ ਉਸਦੇ ਲੜਕੇ ਦਾ ਮੋਟਰਸਾਈਕਲ ਛੱਡਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਹੌਲਦਾਰ ਨੇ ਏ.ਐਸ.ਆਈ ਦੀ ਤਰਫੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਲਏ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਦੋਵਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।