Connect with us

Punjab

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

Published

on

ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ

ਕਿਹਾ, ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਮਾਨ ਸਰਕਾਰ ਕਰੇਗੀ

ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਹਲਕੇ ਵਿੱਚ ਪੱਟੀ, ਦੁੱਬਲੀ, ਕੋਟ ਬੁੱਢਾ, ਹਰੀਕੇ, ਨੌਸ਼ਹਿਰਾ ਪੰਨੂੰਆਂ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚ ਕੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਕਣਕ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ।

ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਮੀਂਹ ਤੇ ਹਨੇਰੀ ਕਾਰਨ ਖ਼ਰਾਬ ਹੋਈ ਕਣਕ ਦੀ ਫ਼ਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਉਨ੍ਹਾਂ ਅਫ਼ਸੋਸ ਜਤਾਇਆ ਕਿ ਜਦੋਂ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਹੈ ਤਾਂ ਕੇਂਦਰ ਸਰਕਾਰ ਕਿਸਾਨਾਂ ਦੀ ਇਸ ਔਖੇ ਸਮੇਂ ਵਿੱਚ ਬਾਂਹ ਫੜਨ ਤੋਂ ਮੁਨਕਰ ਹੋ ਗਈ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਆਮਦ ਮੰਡੀਆਂ ਵਿੱਚ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਪੱਟੀ ਦੀਆਂ ਕਈ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੇਰੀ ਨਾਲ ਪਹੁੰਚੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਲਈ ਮੁਆਵਜ਼ਾ ਰਾਸ਼ੀ ਵਿੱਚ 25 ਫ਼ੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਫ਼ੀਸਦੀ ਤੋਂ ਵੱਧ ਖ਼ਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਛੇਤੀ ਹੀ ਖ਼ਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ।