punjab
ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਅਗਲੇ 72 ਘੰਟਿਆਂ ਲਈ ਅਲਰਟ ਜਾਰੀ
23ਅਗਸਤ 2023: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਏ ਅੱਜ ਭਾਰੀ ਮੀਂਹ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਦਵਾਈ ਹੈ , ਓਥੇ ਹੀ ਦੱਸ ਦੇਈਏ ਕਿ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧਣ ਦਾ ਖਤਰਾ ਮੰਡਰਾ ਰਿਹਾ ਹੈ। ਚੰਡੀਗੜ੍ਹ-ਅੰਬਾਲਾ ‘ਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੀਂਹ ਅਤੇ ਹੜ੍ਹ ਦੀ ਸੰਭਾਵਨਾ ਨੂੰ ਲੈ ਕੇ ਅਗਲੇ 72 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਫ਼ਿਰੋਜ਼ਪੁਰ ਸਮੇਤ ਕਈ ਇਲਾਕੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ ਕਈ ਸਰਹੱਦੀ ਪਿੰਡਾਂ ਵਿੱਚ ਪਿਛਲੇ 2-3 ਦਿਨਾਂ ਤੋਂ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੈ। ਇਸ ਦੌਰਾਨ ਮੀਂਹ ਕਾਰਨ ਖ਼ਤਰਾ ਹੋਰ ਵਧਣ ਦਾ ਖ਼ਦਸ਼ਾ ਹੈ। ਮੰਗਲਵਾਰ ਸ਼ਾਮ ਨੂੰ ਪੰਜਾਬ ਦੇ ਨੇੜਲੇ ਜ਼ਿਲ੍ਹਿਆਂ ਪਠਾਨਕੋਟ, ਰੋਪੜ, ਜਲੰਧਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਚੰਡੀਗੜ੍ਹ ਵਿੱਚ ਹੋਈ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿੱਤੀ।
ਮੌਸਮ ਕੇਂਦਰ ਚੰਡੀਗੜ੍ਹ ਨੇ 23 ਤੋਂ 25 ਅਗਸਤ ਤੱਕ ਪੰਜਾਬ ਦੇ 12-13 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਸਤਲੁਜ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਵੱਧ ਗਿਆ ਹੈ। ਅਜਿਹੇ ‘ਚ ਭਾਰੀ ਮੀਂਹ ਕਾਰਨ ਪਾਣੀ ਦਾ ਪੱਧਰ ਵਧਣ ਦਾ ਖਤਰਾ ਬਣਿਆ ਹੋਇਆ ਹੈ। ਦੂਜੇ ਪਾਸੇ ਨਗਰ ਨਿਗਮ ਪ੍ਰਸ਼ਾਸਨ ਨੇ ਸ਼ਹਿਰ ਦੀਆਂ 150 ਦੇ ਕਰੀਬ ਅਸੁਰੱਖਿਅਤ ਇਮਾਰਤਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।