Corona Virus
ਵਾਢੀ ਲਈ ਸਮਾਜਿਕ ਦੂਰੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਹੈ – ਡੀ.ਸੀ. ਗਿਰੀਸ਼ ਦਿਆਲਨ
ਐਸ ਏ ਐਸ ਨਗਰ, 15 ਅਪ੍ਰੈਲ , ( ਬਲਜੀਤ ਮਰਵਾਹਾ ) : ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਉਣ ਲਈ ਸਾਰੇ ਜਰੂਰੀ ਉਪਾਅ ਕਰ ਰਿਹਾ ਹੈ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਕਣਕ ਦੀ ਵਾਢੀ ਕਰਦਿਆਂ ਸਮਾਜਿਕ ਦੂਰੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਕੰਬਾਈਨ ਮਾਲਕਾਂ ਨੂੰ ਸੋਡੀਅਮ ਹਾਈਪੋਕਲੋਰਾਈਡ ਨਾਲ ਉਨ੍ਹਾਂ ਦੀਆਂ ਕੰਬਾਈਨਾਂ ਨੂੰ ਸੈਨੀਟਾਈਜ਼ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੰਡੇਸਰਾ ਅਤੇ ਲਾਲੜੂ ਤੋਂ ਜ਼ਿਲ੍ਹੇ ਵਿਚ ਆਉਣ ਵਾਲੀਆਂ ਕੰਬਾਇਨਾਂ ਨੂੰ ਪੂਰੀ ਤਰ੍ਹਾਂ ਸੈਨੀਟਾਈਜ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਵਾਢੀ ਦੀ ਪ੍ਰਕਿਰਿਆ ਵਿਚ ਲੱਗੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਸ ਤੋਂ ਇਲਾਵਾ, ਸਾਰਿਆਂ ਨੂੰ ਲਾਜ਼ਮੀ ਤੌਰ ‘ਤੇ ਮਾਸਕਾਂ ਨਾਲ ਆਪਣੇ ਮੂੰਹ ਢੱਕਣੇ ਚਾਹੀਦੇ ਹਨ। ਜਿਹਨਾਂ ਥਾਵਾਂ ‘ਤੇ ਵਾਢੀ ਕੀਤੀ ਜਾ ਰਹੀ ਹੈ, ਉਥੇ ਸਫਾਈ ਸਬੰਧੀ ਸਾਰੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ। ਜੇਕਰ ਵਾਢੀ ਦੀ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਖੰਘ, ਬੁਖਾਰ, ਸਾਹ ਦੀਆਂ ਸਮੱਸਿਆਵਾਂ ਵਰਗੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤੁਰੰਤ ਤਾਲਮੇਲ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਲੋਕਾਂ ਨੂੰ ਕੰਮ ਤੋਂ ਵੱਖ ਕਰ ਦੇਣਾ ਚਾਹੀਦਾ ਹੈ।